ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕਰ ਦਿੱਤਾ ਗਿਆ ਹੈ। ਤੇਲ ਕੰਪਨੀਆਂ ਨੇ 25 ਮਈ ਤੋਂ ਪੈਟਰੋਲ ₹2.61 ਪ੍ਰਤੀ ਲੀਟਰ ਅਤੇ ਡੀਜ਼ਲ ₹2.71 ਪ੍ਰਤੀ ਲੀਟਰ ਮਹਿੰਗੇ ਕਰ ਦਿੱਤੇ ਹਨ। ਨਵੀਆਂ ਕੀਮਤਾਂ ਤੋਂ ਬਾਅਦ ਦਿੱਲੀ ਵਿੱਚ ਪੈਟਰੋਲ ₹102.12 ਅਤੇ ਡੀਜ਼ਲ ₹95.20 ਪ੍ਰਤੀ ਲੀਟਰ ਵਿਕ ਰਿਹਾ ਹੈ।
ਈਧਨ ਦੀਆਂ ਵਧੀਆਂ ਕੀਮਤਾਂ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪਵੇਗਾ। ਟਰਾਂਸਪੋਰਟ ਖਰਚ ਵਧਣ ਨਾਲ ਹੋਰ ਸੂਬਿਆਂ ਤੋਂ ਆਉਣ ਵਾਲੀਆਂ ਸਬਜ਼ੀਆਂ, ਫਲ ਅਤੇ ਰਾਸ਼ਨ ਮਹਿੰਗੇ ਹੋ ਸਕਦੇ ਹਨ। ਇਸ ਦੇ ਨਾਲ ਹੀ ਬੱਸਾਂ, ਆਟੋ ਅਤੇ ਸਕੂਲੀ ਵਾਹਨਾਂ ਦੇ ਕਿਰਾਏ ਵਿੱਚ ਵੀ ਵਾਧਾ ਦੇਖਣ ਨੂੰ ਮਿਲ ਸਕਦਾ ਹੈ।
ਖੇਤੀਬਾੜੀ ਖੇਤਰ ਵੀ ਇਸ ਵਾਧੇ ਤੋਂ ਪ੍ਰਭਾਵਿਤ ਹੋਵੇਗਾ। ਕਿਸਾਨਾਂ ਨੂੰ ਟਰੈਕਟਰ, ਟਿਊਬਵੈੱਲ ਅਤੇ ਪੰਪਿੰਗ ਸੈੱਟ ਚਲਾਉਣ ਲਈ ਵਧੇਰੇ ਖਰਚ ਕਰਨਾ ਪਵੇਗਾ, ਜਿਸ ਨਾਲ ਫਸਲਾਂ ਦੀ ਲਾਗਤ ਅਤੇ ਅਨਾਜ ਦੀਆਂ ਕੀਮਤਾਂ ਵੱਧ ਸਕਦੀਆਂ ਹਨ।
ਮਾਹਿਰਾਂ ਅਨੁਸਾਰ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਇਆ ਉਛਾਲ ਇਸ ਵਾਧੇ ਦਾ ਮੁੱਖ ਕਾਰਨ ਹੈ। ਈਰਾਨ-ਅਮਰੀਕਾ ਤਣਾਅ ਤੋਂ ਬਾਅਦ ਕ੍ਰੂਡ ਆਇਲ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਤੋਂ ਵੱਧ ਕੇ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਪਹੁੰਚ ਗਈ ਹੈ। ਇਸ ਕਾਰਨ ਤੇਲ ਕੰਪਨੀਆਂ ‘ਤੇ ਦਬਾਅ ਵਧਿਆ ਅਤੇ ਉਨ੍ਹਾਂ ਨੂੰ ਰੇਟ ਵਧਾਉਣੇ ਪਏ।
ਜੇਕਰ ਅੰਤਰਰਾਸ਼ਟਰੀ ਮਾਰਕੀਟ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਲੰਬੇ ਸਮੇਂ ਤੱਕ ਉੱਚੀਆਂ ਰਹੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਅਤੇ ਡੀਜ਼ਲ ਹੋਰ ਵੀ ਮਹਿੰਗੇ ਹੋ ਸਕਦੇ ਹਨ।
ਭਾਰਤ ਵਿੱਚ ਪੈਟਰੋਲ-ਡੀਜ਼ਲ ਦੀ ਕੀਮਤ ਤੈਅ ਕਰਨ ਵਿੱਚ ਕੱਚੇ ਤੇਲ ਦੀ ਕੀਮਤ, ਰਿਫਾਈਨਿੰਗ ਖਰਚ, ਤੇਲ ਕੰਪਨੀਆਂ ਦਾ ਮਾਰਜਿਨ, ਕੇਂਦਰ ਸਰਕਾਰ ਦੀ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਰਾਜ ਸਰਕਾਰਾਂ ਵੱਲੋਂ ਲਗਾਇਆ ਜਾਣ ਵਾਲਾ VAT ਸ਼ਾਮਲ ਹੁੰਦਾ ਹੈ। ਇਸੇ ਕਰਕੇ ਵੱਖ-ਵੱਖ ਰਾਜਾਂ ਅਤੇ ਸ਼ਹਿਰਾਂ ਵਿੱਚ ਈਧਨ ਦੀਆਂ ਕੀਮਤਾਂ ਵੱਖਰੀਆਂ ਹੁੰਦੀਆਂ ਹਨ।

