ਅੰਮ੍ਰਿਤਸਰ : ਪਾਕਿਸਤਾਨ ਫ਼ੌਜ ਵਲੋਂ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਕੀਤੇ ਜਾਣ ਅਤੇ ਭਾਰਤੀ ਫ਼ੌਜ ਦੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਹੋਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਕਹਿ ਰਹੇ ਹਨ ਕਿ ਸਾਡੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਏਅਰ ਡਿਫੈਂਸ ਗੰਨ ਲਾਉਣ ਦੀ ਇਜਾਜ਼ਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਨੇ ਉਨ੍ਹਾਂ ਨਾਲ ਇਸ ਤਰੀਕੇ ਦਾ ਕੋਈ ਰਾਬਤਾ ਕਾਇਮ ਨਹੀਂ ਕੀਤਾ ਅਤੇ ਇਹ ਬਿਲਕੁਲ ਝੂਠ ਹੈ। ਉਨ੍ਹਾਂ ਕਿਹਾ ਕਿ ਮੈਂ ਪਿਛਲੀ 22 ਤਾਰੀਖ਼ ਤੋਂ ਛੁੱਟੀ ‘ਤੇ ਚੱਲ ਰਿਹਾ ਹਾਂ ਅਤੇ 24 ਤਾਰੀਖ਼ ਤੋਂ ਵੀ ਵਿਦੇਸ਼ ਗਿਆ ਹੋਇਆ ਸੀ ਅਤੇ 14 ਮਈ ਨੂੰ ਵਾਪਸ ਆਇਆ ਹਾਂ। ਮੇਰੇ ਵਿਦੇਸ਼ ਦੌਰੇ ਪਿੱਛੋਂ ਹੀ ਜੰਗ ਸ਼ੁਰੂ ਹੋਈ ਅਤੇ ਖ਼ਤਮ ਹੋ ਗਈ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਨੂੰ ਵੱਡੇ ਪੱਧਰ ‘ਤੇ ਇਸ ਦੀ ਜਾਂਚ-ਪੜਤਾਲ ਕਰਨੀ ਚਾਹੀਦੀ ਹੈ ਕਿ ਭਾਰਤੀ ਫ਼ੌਜ ਨੇ ਇਹ ਨਵੀਂ ਘਾੜਤ ਘੜੀ ਹੈ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਨੂੰ ਵੱਡੇ ਪੱਧਰੇ ‘ਤੇ ਇਸ ਦੀ ਜਾਂਚ ਕਰਾਉਣੀ ਚਾਹੀਦੀ ਹੈ। ਜਿਹੜਾ ਵੀ ਅਧਿਕਾਰੀ ਇੱਥੇ ਐੱਸ. ਜੀ. ਪੀ. ਸੀ. ‘ਚ ਹੈ ਜਾਂ ਫ਼ੌਜ ‘ਚ ਹੈ, ਜਿਹੜੇ ਇਹ ਗੱਲ ਕਹਿ ਰਹੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵੀ ਇਸ ‘ਤੇ ਕਾਰਵਾਈ ਕਰਨੀ ਚਾਹੀਦੀ ਹੈ।