ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮੂਹ ਵਰਗਾਂ ਤੇ ਲੋੜਵੰਦ ਲੋਕਾਂ ਖ਼ਾਸ ਕਰਕੇ ਬਜ਼ੁਰਗ ਨਾਗਰਿਕਾਂ, ਵਿਧਵਾਵਾਂ ਤੇ ਬੇਸਹਾਰਾ ਔਰਤਾਂ, ਬੇਸਹਾਰਾ ਬੱਚਿਆਂ ਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਸੰਭਾਲਣ ਤੋਂ ਲੈ ਕੇ ਹੁਣ ਤੱਕ ਬੁਢਾਪਾ ਪੈਨਸ਼ਨ, ਲੋੜਵੰਦ ਲੋਕਾਂ ਅਤੇ ਬੇਸਹਾਰਾ ਔਰਤਾਂ ਅਤੇ ਬੱਚਿਆਂ ਨੂੰ ਵਿੱਤੀ ਸਹਾਇਤਾ ਦੇ ਤੌਰ ’ਤੇ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਅਧੀਨ ਸਾਲ 2022-23 ਦੌਰਾਨ 3651.08 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਅਤੇ 21.26 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸੇ ਤਰ੍ਹਾਂ ਹੀ 2023-24 ਦੌਰਾਨ 3950.68 ਕਰੋੜ ਰੁਪਏ ਦੀ ਰਾਸ਼ੀ ਵੰਡੀ ਤੇ 22.11 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸ ਤੋਂ ਇਲਾਵਾ ਇਸ ਸਕੀਮ ਅਧੀਨ ਸਾਲ 2024-25 ਦੌਰਾਨ 3708.57 ਕਰੋੜ ਦੀ ਰਾਸ਼ੀ ਵੰਡੀ ਗਈ, ਜਿਸ ਅਧੀਨ 22.64 ਲੱਖ ਲੋਕਾਂ ਨੂੰ ਲਾਭ ਹੋਇਆ। ਇਸ ਤਰ੍ਹਾਂ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਬੁਢਾਪਾ ਪੈਨਸ਼ਨ ਦੇ ਤੌਰ ’ਤੇ 11310.33 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।