ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਪੰਜਾਬ ਦੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐੱਫ.) ਸਕੀਮ ਅਧੀਨ ਸੂਬੇ ਦੀ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦਿੰਦਿਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਪੰਜਾਬ ਦੀ ਵਿੱਤ ਸਹੂਲਤ ਨੂੰ ₹4,713 ਕਰੋੜ ਤੋਂ ਵਧਾ ਕੇ ₹7,050 ਕਰੋੜ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਦਿੱਤੀ ਇਸ ਮਾਨਤਾ ਲਈ ਧੰਨਵਾਦ ਪ੍ਰਗਟ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਅਲਾਟਮੈਂਟ ਵਿਚ ਕੀਤਾ ਇਹ ਵਾਧਾ ਕਿਸਾਨਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਪੰਜਾਬ ਦੀ ਵਚਨਬੱਧਤਾ ਦਾ ਸਬੂਤ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਵਾਧੇ ਨਾਲ ਸੂਬੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਹੋਰ ਤੇਜ਼ੀ ਆਵੇਗੀ, ਉਨ੍ਹਾ ਕਿਹਾ ਕਿ ਇਸ ਵਾਧੇ ਵਿਚ ਕੋਲਡ ਸਟੋਰੇਜ ਸਹੂਲਤਾਂ, ਵੇਅਰਹਾਊਸਿੰਗ, ਪ੍ਰੋਸੈਸਿੰਗ ਯੂਨਿਟਾਂ ਸਥਾਪਤ ਕਰਨ ਅਤੇ ਮੁੱਲ ਵਿਚ ਵਾਧੇ ਸਬੰਧੀ ਪਹਿਲਕਦਮੀਆਂ ਸ਼ੁਰੂ ਕਰਨਾ ਸ਼ਾਮਲ ਹੈ।
ਮੰਤਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸੁਧਾਰਾਂ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜੋ ਦੂਜੇ ਸੂਬਿਆਂ ਲਈ ਇਕ ਮਾਪਦੰਡ ਸਥਾਪਤ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਏ.ਆਈ.ਐੱਫ. ਸਕੀਮ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਵਿਚ ਮੋਹਰੀ ਸੂਬਾ ਬਣ ਕੇ ਉਭਰਿਆ ਹੈ, ਜਿਸ ਵਿਚ ਕਈ ਪ੍ਰਾਜੈਕਟ ਪਹਿਲਾਂ ਹੀ ਖੇਤੀਬਾੜੀ ਖੇਤਰ ਦੀ ਨੁਹਾਰ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਦੇ ਨਾਲ ਨਾਲ ਸੂਬੇ ਦੇ ਸਮੁੱਚੇ ਖੇਤੀਬਾੜੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ।