ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4503 ਲਾਭਪਾਤਰੀਆਂ ਨੂੰ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਫ਼ਰੀਦਕੋਟ, ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਮੋਹਾਲੀ, ਸੰਗਰੂਰ, ਮਾਲੇਰਕੋਟਲਾ ਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 4503 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਚਾਲੂ ਸਾਲ ਦੌਰਾਨ ਆਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ 4503 ਲਾਭਪਾਤਰੀਆਂ ਨੂੰ ਕਵਰ ਕਰਨ ਲਈ 22.97 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਸ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ 1268, ਬਰਨਾਲਾ ਦੇ 107, ਫ਼ਰੀਦਕੋਟ ਦੇ 343, ਫ਼ਤਹਿਗੜ੍ਹ ਸਾਹਿਬ ਦੇ 193, ਗੁਰਦਾਸਪੁਰ ਦੇ 57, ਹੁਸ਼ਿਆਰਪੁਰ ਦੇ 668 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ 286, ਸ੍ਰੀ ਮੁਕਤਸਰ ਸਾਹਿਬ ਦੇ 255, ਪਟਿਆਲਾ ਦੇ 349, ਪਠਾਨਕੋਟ ਦੇ 55, ਰੂਪਨਗਰ ਦੇ 196, ਮੋਹਾਲੀ ਦੇ 266, ਸੰਗਰੂਰ ਦੇ 155, ਮਾਲੇਰਕੋਟਲਾ ਦੇ 37 ਤੇ ਜ਼ਿਲ੍ਹਾ ਤਰਨਤਾਰਨ ਦੇ 268 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।