ਚੰਡੀਗੜ੍ਹ: ਸੂਬੇ ਦੇ ਕਰ ਵਿਭਾਗ ਦੀ ਸ਼ਾਨਦਾਰ ਸਫ਼ਲਤਾ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੀ ਅੱਧ (ਅਪ੍ਰੈਲ-ਸਤੰਬਰ 2025) ਦੌਰਾਨ 13,971 ਕਰੋੜ ਰੁਪਏ ਦੀਆਂ ਕੁੱਲ ਜੀ. ਐੱਸ. ਟੀ. ਪ੍ਰਾਪਤੀਆਂ ਦਰਜ ਕੀਤੀਆਂ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ ਪ੍ਰਾਪਤ ਕੀਤੇ ਗਏ 11,418 ਕਰੋੜ ਰੁਪਏ ਦੇ ਮੁਕਾਬਲੇ 22.35 ਫ਼ੀਸਦੀ ਦੀ ਮਹੱਤਵਪੂਰਨ ਵਿਕਾਸ ਦਰ ਨੂੰ ਦਰਸਾਉਂਦਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ‘ਚ ਇਹ ਖ਼ੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੇ ਪਹਿਲੇ 6 ਮਹੀਨਿਆਂ ‘ਚ ਸੂਬੇ ਨੇ ਪਿਛਲੇ ਸਾਲ ਦੇ ਇਸੇ ਸਮੇਂ ਦੇ ਮੁਕਾਬਲੇ ਜੀ. ਐੱਸ. ਟੀ. ਮਾਲੀਏ ‘ਚ ਕੁੱਲ 2,553 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਾਲ-ਦਰ-ਸਾਲ ਜੀ. ਐੱਸ. ਟੀ. ਵਿਕਾਸ ਦਰ ਵਿੱਤੀ ਸਾਲ 2024-25 ਦੇ ਪਹਿਲੇ ਅੱਧ ਦੌਰਾਨ ਦੀ ਸਿਰਫ 5 ਫ਼ੀਸਦੀ ਤੋਂ ਵੱਧ ਕੇ ਵਿੱਤੀ ਸਾਲ 2025-26 ‘ਚ ਪ੍ਰਭਾਵਸ਼ਾਲੀ 22.35 ਫ਼ੀਸਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਅੰਕੜਾ ਕਰੀਬ 6 ਫ਼ੀਸਦੀ ਦੀ ਕੌਮੀ ਜੀ. ਐੱਸ. ਟੀ. ਵਿਕਾਸ ਦਰ ਤੋਂ ਕਿਤੇ ਵੱਧ ਹੈ, ਜੋ ਕਿ ਸਪੱਸ਼ਟ ਤੌਰ ‘ਤੇ ਪੰਜਾਬ ਦੇ ਮਾਲੀਆ ਜੁਟਾਉਣ ਦੇ ਯਤਨਾਂ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ।

