ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਲੋਕ ਭਲਾਈ ਦੇ ਕੰਮ ਕਰ ਰਹੀ ਹੈ। ਇਸੇ ਤਹਿਤ ਪੰਜਾਬ ਸਰਕਾਰ ਨੇ ਸਿਰਫ 30 ਮਹੀਨਿਆਂ ਅੰਦਰ ਪਾਰਦਰਸ਼ੀ ਢੰਗ ਨਾਲ 44,974 ਸਰਕਾਰੀ ਨੌਕਰੀਆਂ ਦੇ ਕੇ ਹੋਰ ਮੀਲ ਪੱਥਰ ਕਾਇਮ ਕੀਤਾ ਹੈ। ਬੀਤੇਂ ਦਿਨ ਵੀ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਆਡੀਟੋਰੀਅਮ ਵਿੱਚ ਮੁੱਖ ਮੰਤਰੀ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ 293 ਅਸਾਮੀਆਂ ਲਈ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਨੂੰ ਇੱਕ ਇਤਿਹਾਸਕ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਇਸ ਸਥਾਨ ‘ਤੇ ਪਹਿਲਾਂ ਵੀ ਕਈ ਅਜਿਹੇ ਸਮਾਗਮ ਹੋਏ ਹਨ, ਜਿਨ੍ਹਾਂ ‘ਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ‘ਚ ਨੌਕਰੀਆਂ ਮਿਲੀਆਂ ਹਨ। ਇਹ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 44,000 ਤੋਂ ਵੱਧ ਨਿਯੁਕਤੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। ਪੰਜਾਬ ਸਰਕਾਰ ਲਈ ਇਹ ਫ਼ਖਰ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੇ ਕੰਮਾਂ ਦਾ ਗੁਣਗਾਣ ਕਰਦੇ ਹੋਏ ਆਖਿਆ ਕਿ ਸਰਕਾਰ ਵੱਲੋਂ ਪਹਿਲਾਂ ਹੀ 842 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿੱਚੋਂ ਹੁਣ ਤੱਕ 2 ਕਰੋੜ ਤੋਂ ਵੱਧ ਲੋਕ ਮਿਆਰੀ ਇਲਾਜ ਲੈਣ ਦੇ ਨਾਲ-ਨਾਲ 95 ਫੀਸਦੀ ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 30 ਹੋਰ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ, ਜੋ ਲੋਕਾਂ ਲਈ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਯਕੀਨੀ ਬਣਾਉਣਗੇ। ਸੂਬਾ ਸਰਕਾਰ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਬਣਾਉਣ ਲਈ ਵਚਨਬੱਧ ਹੈ, ਜਿਸ ਵਿੱਚ ਸਮਾਰਟ ਕਲਾਸਰੂਮ, ਵਿਗਿਆਨਕ ਸਿੱਖਿਆ ਲਈ ਅਤਿ-ਆਧੁਨਿਕ ਲੈਬਾਟਰੀਆਂ ਅਤੇ ਖੇਡ ਮੈਦਾਨ ਸ਼ਾਮਲ ਹਨ।