Thursday, May 1, 2025

Become a member

Get the best offers and updates relating to Liberty Case News.

― Advertisement ―

spot_img
spot_img
HomePunjabਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ...

ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ; 6 ਲੱਖ ਕਿਸਾਨਾਂ ਨੂੰ 22,815 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ: ਲਾਲ ਚੰਦ ਕਟਾਰੂਚੱਕ

 

ਚੰਡੀਗੜ੍ਹ, 30 ਅਪ੍ਰੈਲ:

ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ 114 ਲੱਖ ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ ਜਿਸ ਵਿੱਚੋਂ 111 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਅੱਜ ਇੱਥੇ ਅਨਾਜ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਰਕਾਰੀ ਏਜੰਸੀਆਂ ਦੁਆਰਾ ਖਰੀਦ 100 ਲੱਖ ਮੀਟਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ ਮੰਡੀਆਂ ਵਿੱਚੋਂ 103 ਲੱਖ ਮੀਟਰਿਕ ਟਨ ਕਣਕ ਦੀ ਸਰਕਾਰੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਅਦਾਇਗੀਆਂ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ 22815 ਕਰੋੜ ਰੁਪਏ ਦੀ ਰਕਮ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਹੁਣ ਤੱਕ 6,28,674 ਕਿਸਾਨ ਆਪਣੀ ਉਪਜ ਮੰਡੀਆਂ ਵਿੱਚ ਲਿਆ ਚੁੱਕੇ ਹਨ। ਉਹਨਾਂ ਅੱਗੇ ਦੱਸਿਆ ਕਿ ਚੁਕਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ 47.37 ਲੱਖ ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ ਜੋ ਕਿ 72 ਘੰਟਿਆਂ ਦੇ ਨਿਯਮਾਂ ਅਨੁਸਾਰ 56.6 ਫ਼ੀਸਦ ਹੈ।

ਇਸ ਤੋਂ ਇਲਾਵਾ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਕੁੱਲ 2885 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਇਨ੍ਹਾਂ ਵਿੱਚੋਂ 1864 ਨਿਯਮਤ ਕੀਤੇ ਗਏ ਹਨ ਜਦੋਂ ਕਿ 1021 ਅਸਥਾਈ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਝਾੜ ਬਹੁਤ ਜ਼ਿਆਦਾ ਰਿਹਾ ਹੈ ਜਿਸ ਕਾਰਨ ਪੰਜਾਬ ਵਿੱਚ ਬੰਪਰ ਫ਼ਸਲ ਹੋਈ ਹੈ। ਇਸ ਨਾਲ 124 ਲੱਖ ਮੀਟ੍ਰਿਕ ਟਨ ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕਰਨ ਵਿੱਚ ਬਹੁਤ ਮਦਦ ਮਿਲੇਗੀ।

ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਉਹ ਨਿਯਮਤ ਅੰਤਰਾਲਾਂ ‘ਤੇ ਰਾਜ ਭਰ ਦੀਆਂ ਮੰਡੀਆਂ ਦਾ ਦੌਰਾ ਕਰ ਰਹੇ ਹਨ ਅਤੇ ਕਿਸੇ ਵੀ ਕਿਸਾਨ ਨੇ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਬਾਰੇ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਬਾਰਦਾਨੇ, ਸਾਫ਼-ਸਫ਼ਾਈ, ਪੀਣ ਵਾਲਾ ਪਾਣੀ ਅਤੇ ਲੱਕੜ ਦੇ ਕਰੇਟ ਵਰਗੀਆਂ ਸਾਰੀਆਂ ਜ਼ਰੂਰੀ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਸ਼ਾਮਿਲ ਸਨ।