ਆਮ ਆਦਮੀ ਪਾਰਟੀ ਦੀ ਸਰਕਾਰ ਜਿੱਥੇ ਲੋਕ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਵਿਦੇਸ਼ਾਂ ਦੇ ਦੌਰੇ ਵੀ ਕਰਵਾਏ ਜਾ ਰਹੇ ਹਨ ਤਾਂ ਕਿ ਉਹ ਕੁੱਝ ਨਵੇਂ ਤਜਰਬੇ ਕਰ ਸਕਣ। ਇਸੇ ਤਹਿਤ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦਾ ਇੱਕ ਜੱਥਾ ਜਪਾਨ ਭੇਜਿਆ ਗਿਆ ਸੀ ਜੋ ਕਿ ਹੁਣ ਵਾਪਸ ਪਰਤ ਆਇਆ ਹੈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ।
ਵਿਦਿਆਰਥੀਆਂ ਨਾਲ ਮੁਲਾਕਾਤ ਦੌਰਾਨ ਸੰਧਵਾ ਨੇ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੱਭਿਆਚਾਰਕ ਯੋਜਨਾ ਤਹਿਤ ਜਾਪਾਨ ਦਾ ਦੌਰਾ ਕੀਤਾ ਹੈ। ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਨਾਲ ਸਬੰਧਤ ਹਨ ਅਤੇ ਇਨ੍ਹਾਂ ਨੇ ਮੈਰਿਟ ਸੂਚੀ ਵਿੱਚ ਉੱਚੀਆਂ ਥਾਵਾਂ ਹਾਸਲ ਕੀਤੀਆਂ ਹਨ। ਇਸ ਕਰਕੇ ਇੰਨ੍ਹਾਂ ਵਿਦਿਆਰਥੀਆਂ ਨੂੰ ਇੱਕ ਹਫ਼ਤੇ ਦੇ ਦੌਰੇ ਦੌਰਾਨ ਜਾਪਾਨ ਦੇ ਸੱਭਿਆਚਾਰ, ਵਿਗਿਆਨ ਅਤੇ ਤਕਨੀਕੀ ਢੰਗ-ਤਰੀਕਿਆਂ ਨੂੰ ਸਮਝਣ ਦਾ ਮੌਕਾ ਮਿਲਿਆ। ਇਸ ਦੇ ਨਾਲ ਹੀ ਸਪੀਕਰ ਨੇ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਹੋਰਨਾਂ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੇ ਅਤੇ ਉਨ੍ਹਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੇ।