ਲੁਧਿਆਣਾ ’ਚ ਬੁੱਢੇ ਦਰਿਆ ’ਤੇ 15 ਸਤੰਬਰ ਨੂੰ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਬੰਨ ਲਾਉਣ ਦੀ ਗੱਲ ਕਹੀ ਗਈ ਹੈ। ਜਿਸ ਤੋਂ ਬਾਅਦ ਵਿਧਾਇਕ ਗੁਰਪ੍ਰੀਤ ਗੋਗੀ ਲਗਾਤਾਰ ਹਰਕਤ ਵਿੱਚ ਨਜ਼ਰ ਆ ਰਹੇ ਹਨ। ਹਾਲਾਂਕਿ ਪਹਿਲਾਂ ਉਹਨਾਂ ਵੱਲੋਂ ਆਪਣਾ ਹੀ ਲਗਾਇਆ ਨੀਹ ਪੱਥਰ ਤੋੜਿਆ ਗਿਆ ਸੀ ਅਤੇ ਉਸ ਤੋਂ ਬਾਅਦ ਕਿਸ਼ਤੀ ਰਾਹੀਂ ਬੁੱਢੇ ਦਰਿਆ ਦਾ ਜਾਇਜਾ ਲਿਆ ਗਿਆ ਸੀ। ਹੁਣ ਅੱਜ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਸਾਰੇ ਹੀ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਬੁੱਢੇ ਦਰਿਆ ’ਤੇ ਬੁਲਾਇਆ ਗਿਆ ਅਤੇ ਉਹਨਾਂ ਨੂੰ ਬੁੱਢੇ ਦਰਿਆ ਦੇ ਹਾਲਾਤਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਗਈ।
ਇਸ ਦੌਰਾਨ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਇਕ ਘੰਟੇ ਤੋਂ ਵੀ ਵੱਧ ਸਮਾਂ ਬੀਤ ਜਾਣ ’ਤੇ ਨਾ ਆਏ ਤਾਂ ਕਾਰਪੋਰੇਸ਼ਨ ਦੇ ਜੁਆਇੰਟ ਕਮਿਸ਼ਨਰ ਵੱਲੋਂ ਵਾਰ-ਵਾਰ ਉਹਨਾਂ ਨੂੰ ਫੋਨ ਕੀਤਾ ਗਿਆ। ਇਸ ਤੋਂ ਬਾਅਦ ਲੇਟ ਪਹੁੰਚਣ ਤੋਂ ਬਾਅਦ ਜਦੋਂ ਵਿਧਾਇਕ ਵੱਲੋਂ ਉਹਨਾਂ ਨੂੰ ਜ਼ਿੰਮੇਵਾਰੀ ਬਾਰੇ ਪੁੱਛਿਆ ਗਿਆ ਤਾਂ ਜਵਾਬਦੇਹੀ ਨੂੰ ਲੈ ਕੇ ਹਲਕੀ ਬਹਿਸਬਾਜੀ ਵੇਖਣ ਨੂੰ ਮਿਲੀ, ਜਿਸ ਤੋਂ ਬਾਅਦ ਵਿਧਾਇਕ ਨੇ ਕਿਹਾ ਕਿ ਅਧਿਕਾਰੀ ਆਪਣੀ ਜਿੰਮੇਵਾਰੀ ਤੋਂ ਭੱਜ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਕਹਿਣਗੇ ਕਿ ਅਜਿਹੇ ਅਧਿਕਾਰੀਆਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਬੇਸ਼ੱਕ 588 ਕਰੋੜ ਰੁਪਏ ਖਰਚ ਹੋ ਚੁੱਕਾ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਇਹ ਬੁੱਢਾ ਦਰਿਆ ਸਾਫ਼ ਹੋਵੇ।