ਅੰਮ੍ਰਿਤਸਰ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਅਕਾਲੀ ਦਲ ਬਾਦਲ ਦੇ ਆਗੂ ਹਰਵਿੰਦਰ ਸਿੰਘ ਸਰਨਾ ਨੂੰ ਸਟੇਜ ਦੇਣ ’ਤੇ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦੇ ਹੈੱਡ ਗ੍ਰੰਥੀ ਨੂੰ ਮੁਅੱਤਲ ਕਰ ਦਿੱਤਾ ਹੈ।
ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਖਿਲਾਫ ਬੋਲਣ ਵਾਲੇ ਹਰਵਿੰਦਰ ਸਿੰਘ ਸਰਨਾ ਨੂੰ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖਾਹੀਆ ਕਰਾਰ ਦਿੱਤਾ ਸੀ। ਸਮੁੱਚੀ ਸਿੱਖ ਕੌਮ ਨੂੰ ਹਦਾਇਤ ਕੀਤੀ ਕਿ ਉਸ ਨਾਲ ਕਿਸੇ ਵੀ ਤਰੀਕੇ ਦੀ ਸਮਾਜਿਕ ਤੇ ਧਾਰਮਿਕ ਸਾਂਝ ਨਾ ਰੱਖੀ ਜਾਵੇ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ’ਚ ਇਕ ਸਮਾਜਿਕ ਸਮਾਗਮ ਸੀ, ਜਿਸ ’ਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਦਿਲਬਾਗ ਸਿੰਘ ਨੇ ਤਨਖਾਹੀਆ ਕਰਾਰ ਦਿੱਤੇ ਸਰਨਾ ਨੂੰ ਸਟੇਜ ਦੇ ਦਿੱਤੀ ਅਤੇ ਉਸ ਨੇ ਸੰਗਤ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਸਪੱਸ਼ਟ ਤੌਰ ’ਤੇ ਉਲੰਘਣਾ ਹੈ।
ਇਸ ਉਲੰਘਣਾ ਤੇ ਹੋਈ ਬਜ਼ਰ ਗਲਤੀ ਦਾ ਕਮੇਟੀ ਨੇ ਸਖ਼ਤ ਨੋਟਿਸ ਲੈਂਦਿਆਂ ਗਿਆਨੀ ਦਿਲਬਾਗ ਸਿੰਘ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ। ਕਾਲਕਾ ਤੇ ਕਾਹਲੋਂ ਨੇ ਕਮੇਟੀ ਦੇ ਸਮੁੱਚੇ ਸਟਾਫ ਨੂੰ ਵੀ ਆਖਿਆ ਕਿ ਉਹ ਹਮੇਸ਼ਾ ਚੇਤੇ ਰੱਖਣ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ।