ਜਲੰਧਰ – ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਥੇ ਦੱਸ ਦੇਈਏ ਕਿ ਪੰਜਾਬ ‘ਚ ਮਾਨਸੂਨ ਦਾਖ਼ਲ ਹੋ ਗਿਆ ਹੈ ਅਤੇ ਅਗਲੇ 48 ਘੰਟਿਆਂ ਤੱਕ ਤੇਜ਼ ਤੂਫ਼ਾਨ ਦੇ ਨਾਲ-ਨਾਲ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 29 ਜੂਨ ਤੱਕ ਕੀਤੀ ਗਈ ਮੌਸਮ ਦੀ ਭਵਿੱਖਬਾਣੀ ਮੁਤਾਬਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਤਰਨਤਾਰਨ, ਮਾਨਸਾ ਅਤੇ ਸੰਗਰੂਰ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।