ਚੰਡੀਗੜ੍ਹ : ਪੰਜਾਬ ‘ਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਫਿਲਹਾਲ ਮਜੀਠੀਆ ਨੂੰ ਅਦਾਲਤ ਵਲੋਂ ਕਿਸੇ ਤਰ੍ਹਾਂ ਦੀ ਕੋਈ ਰਾਹਤ ਨਹੀਂ ਦਿੱਤੀ ਗਈ ਹੈ ਅਤੇ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਭਲਕੇ ਤੱਕ ਲਈ ਟਾਲ ਦਿੱਤੀ ਹੈ। ਮਜੀਠੀਆ ਨੇ ਆਪਣੀ ਪਟੀਸ਼ਨ ‘ਚ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ ਅਤੇ ਰਿਮਾਂਡ ਆਰਡਰ ਰੱਦ ਕਰਨ ਦੀ ਮੰਗ ਕੀਤੀ ਸੀ।
ਅਦਾਲਤ ਨੇ ਇਸ ਮਾਮਲੇ ਸਬੰਧੀ ਤਾਜ਼ੇ ਹੁਕਮਾਂ ਦੀ ਕਾਪੀ ਮੰਗੀ ਹੈ ਕਿਉਂਕਿ ਜਦੋਂ ਪਟੀਸ਼ਨ ਦਾਇਰ ਕੀਤੀ ਗਈ ਸੀ ਤਾਂ ਉਸ ਸਮੇਂ ਮਜੀਠੀਆ ਨੂੰ 7 ਦਿਨਾਂ ਦਾ ਰਿਮਾਂਡ ਮਿਲਿਆ ਹੋਇਆ ਸੀ। ਹੁਣ ਬੀਤੇ ਦਿਨ ਫਿਰ ਮਜੀਠੀਆ ਨੂੰ 4 ਦਿਨਾਂ ਦਾ ਰਿਮਾਂਡ ਮਿਲਿਆ ਹੈ।
ਇਸ ਲਈ ਹਾਈਕੋਰਟ ਨੇ ਤਾਜ਼ੇ ਹੁਕਮਾਂ ਦੀ ਕਾਪੀ ਮੰਗੀ ਹੈ, ਜਿਸ ਤੋਂ ਬਾਅਦ ਭਲਕੇ ਮੁੜ ਇਸ ਮਾਮਲੇ ਸਬੰਧੀ ਸੁਣਵਾਈ ਹੋਵੇਗੀ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਨੂੰ 25 ਜੂਨ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਨਾਲ ਸਬੰਧਿਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।