ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਤਾਂ ਉੱਥੇ ਹੀ ਦੂਜੇ ਪਾਸੇ ਧੋਖੇਬਾਜ ਠੱਗ ਏਜੰਟਾਂ ਦੇ ਖਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਦੇ ਤਾਲਮੇਲ ਨਾਲ ਸੋਸ਼ਲ ਮੀਡੀਆ ’ਤੇ ਵਿਦੇਸ਼ੀ ਨੌਕਰੀਆਂ ਸਬੰਧੀ ਗੈਰ-ਕਾਨੂੰਨੀ ਇਸ਼ਤਿਹਾਰਬਾਜ਼ੀ ਕਰਨ ਦੇ ਦੋਸ਼ ਹੇਠ ਸੂਬੇ ਦੇ 25 ਟਰੈਵਲ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਦੱਸਣਯੋਗ ਹੈ ਕਿ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ ਵੱਲੋਂ ਅਜਿਹੀਆਂ ਟਰੈਵਲ ਏਜੰਸੀਆਂ ਵੱਲੋਂ ਵਿਦੇਸ਼ਾਂ ਵਿੱਚ ਨੌਕਰੀਆਂ ਲਈ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਦਿੱਤੇ ਜਾਂਦੇ ਇਸ਼ਤਿਹਾਰਾਂ ਸਬੰਧੀ ਗੰਭੀਰ ਨੋਟਿਸ ਲਿਆ ਗਿਆ ਹੈ। ਇਸ ਸੰਬੰਧੀ ਐਨਆਰਆਈ ਮਾਮਲੇ ਦੇ ਏਡੀਜੀਪੀ ਪ੍ਰਵੀਨ ਕੇ ਸਿਨਹਾ ਨੇ ਦੱਸਿਆ ਕਿ ਇਹ ਟਰੈਵਲ ਏਜੰਸੀਆਂ ਬਿਨਾਂ ਲੋੜੀਂਦੇ ਲਾਇਸੈਂਸ ਅਤੇ ਮਨਜ਼ੂਰੀ ਤੋਂ ਇੰਸਟਾਗ੍ਰਾਮ ਅਤੇ ਫੇਸਬੁੱਕ ’ਤੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਇਸ਼ਤਿਹਾਰ ਦੇ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਆਨਲਾਈਨ ਪਲੇਟਫਾਰਮਾਂ ਦੀ ਜਾਂਚ ਕੀਤੀ ਗਈ, ਉਨ੍ਹਾਂ ਦੇ ਪ੍ਰਮਾਣ ਪੱਤਰਾਂ ਦੀ ਗੁਪਤ ਰੂਪ ਵਿੱਚ ਤਸਦੀਕੀ ਕੀਤੀ ਅਤੇ ਉਨ੍ਹਾਂ ਖਿਲਾਫ ਮਾਮਲੇ ਦਰਜ ਕੀਤੇ ਗਏ।
ਇਸ ਦੇ ਨਾਲ ਹੀ ਏਡੀਜੀਪੀ ਨੇ ਦੱਸਿਆ ਕਿ ਇਹ ਕਾਰਵਾਈ ਖਾਸ ਤੌਰ ’ਤੇ ਉਨ੍ਹਾਂ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕੀਤੀ ਗਈ ਹੈ, ਜੋ ਆਨਲਾਈਨ ਪਲੇਟਫਾਰਮਾਂ ’ਤੇ ਇਸ਼ਤਿਹਾਰ ਦੇ ਕੇ ਪੀੜਤਾਂ, ਜ਼ਿਆਦਾਤਰ ਨੌਜਵਾਨਾਂ, ਅਤੇ ਉਨ੍ਹਾਂ ਦੀ ਜਾਂ ਉਨ੍ਹਾਂ ਦੇ ਮਾਤਾ-ਪਿਤਾ ਦੀ ਮਿਹਨਤ ਦੀ ਕਮਾਈ ਨੂੰ ਲੁੱਟਣ ਲਈ ਵਿਦੇਸ਼ੀ ਨੌਕਰੀਆਂ ਦੀ ਪੇਸ਼ਕਸ਼ ਕਰ ਰਹੇ ਸਨ। ਇਸ ਸੰਬੰਧੀ ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਐਸ.ਏ.ਐਸ.ਨਗਰ ਸਮੇਤ ਸੂਬੇ ਦੇ ਵੱਖ-ਵੱਖ ਐਨਆਰਆਈ ਥਾਣਿਆਂ ਵਿੱਚ ਇਮੀਗ੍ਰੇਸ਼ਨ ਐਕਟ ਦੀਆਂ ਧਾਰਾਵਾਂ 24/25 ਤਹਿਤ ਕੁੱਲ 20 ਮਾਮਲੇ ਦਰਜ ਕੀਤੇ ਗਏ ਹਨ।