ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਪੰਜਾਬ ਵਿਜੀਲੈਂਸ ਵਿਭਾਗ ਲਗਾਤਾਰ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਕਾਰਵਾਈ ਕਰ ਰਿਹਾ ਹੈ। ਇਸੇ ਤਹਿਤ ਕਾਰਵਾਈ ਕਰਦੇ ਹੋਏ ਵਿਭਾਗ ਨੇ ਜੂਨੀਅਰ ਇੰਜੀਨੀਅਰ, ਇੰਜੀਨੀਅਰਿੰਗ ਸ਼ਾਖਾ-ਕਮ-ਬਿਲਡਿੰਗ ਇੰਸਪੈਕਟਰ, ਨਗਰ ਨਿਗਮ ਪਠਾਨਕੋਟ ਅਤੇ ਵਾਧੂ ਚਾਰਜ ਐਮ.ਸੀ. ਬਟਾਲਾ ਜਤਿੰਦਰ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ’ਤੇ ਇੱਕ ਲੱਖ ਰੁਪਏ ਰਿਸ਼ਵਤ ਦੀ ਰਿਸ਼ਵਤ ਮੰਗਣ ਅਤੇ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ।
ਦਰਅਸਲ ਇਸ ਵਿਭਾਗ ਵੱਲੋਂ ਇਹ ਕਾਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਪਿੰਡ ਭਾਰੋਲੀ ਕਲਾਂ, ਗੁਰਦਾਸਪੁਰ ਨਾਲ ਸੰਬੰਧਤ ਰਸ਼ਪਾਲ ਸਿੰਘ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਉਕਤ ਮੁਲਜ਼ਮ ਨੇ ਕਿਸੇ ਕੰਮ ਦੇ ਬਦਲੇ ਉਸ ਦੇ ਕੋਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਰਾਜ ਵਿਜੀਲੈਂਸ ਦੇ ਵਿਭਾਗ ਵੱਲੋਂ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ’ਚ ਦੱਸਿਆ ਕਿ ਉਸਦੀ (ਸ਼ਿਕਾਇਤਕਰਤਾ) ਦੀ ਵਾਹੀਯੋਗ ਜ਼ਮੀਨ ਨੂੰ ਉਕਤ ਜੇ.ਈ ਵੱਲੋਂ ਪੜਤਾਲ ਕੀਤੀ ਜਾ ਰਹੀ ਗੈਰ-ਕਾਨੂੰਨੀ ਕਲੋਨੀ ਦਾ ਹਿੱਸਾ ਨਾ ਦੱਸਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਜਦੋਂ ਇਸ ਸੰਬੰਧੀ ਜਾਂਚ ਕੀਤੀ ਗਈ ਤਾਂ ਸ਼ਿਕਾਇਤ ਸਹੀ ਪਾਈ ਗਈ, ਇਸ ਤੋਂ ਬਾਅਦ ਮੁਲਜ਼ਮ ਨੂੰ ਰੰਗੇ ਹੱਥੀ ਫੜਨ ਲਈ ਵਿਭਾਗ ਵੱਲੋਂ ਜਾਲ ਵਿਛਾਇਆ ਗਿਆ। ਜਾਲ ਵਿਛਾਉਣ ਤੋਂ ਬਾਅਦ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।