ਪਠਾਨਕੋਟ –ਮਾਨਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦੇ 16, 17 ਅਤੇ 18 ਅਪ੍ਰੈਲ ਨੂੰ ਹੋਣ ਵਾਲੇ ਪਠਾਨਕੋਟ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗੇਤੀਆਂ ਤਿਆਰੀਆਂ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਡਾ. ਪੱਲਵੀ, ਡਿਪਟੀ ਕਮਿਸ਼ਨਰ ਪਠਾਨਕੋਟ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿੱਚ ਹੋਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ।
ਮੀਟਿੰਗ ਵਿੱਚ ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ, ਐਸਡੀਐਮ ਪਠਾਨਕੋਟ ਅਰਸ਼ਦੀਪ ਸਿੰਘ, ਤਹਿਸੀਲਦਾਰ ਪਰਮਪ੍ਰੀਤ ਸਿੰਘ ਗੋਰਾਇਆ, ਜ਼ਿਲ੍ਹਾ ਸਿੱਖਿਆ ਅਧਿਕਾਰੀ ਕਮਲਦੀਪ ਕੌਰ, ਸਿਵਲ ਸਰਜਨ ਡਾ. ਸੁਨੀਤਾ ਸ਼ਰਮਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਦੌਰੇ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਡਾ. ਪੱਲਵੀ ਨੇ ਦੱਸਿਆ ਕਿ ਰਾਜਪਾਲ 16 ਅਪ੍ਰੈਲ ਨੂੰ ਮਹਾਰਾਣਾ ਪ੍ਰਤਾਪ ਸਕੂਲ, ਮੰਗਿਆਲ ਮਨਵਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੀਡੀਸੀ ਮੈਂਬਰਾਂ ਨੂੰ ਸੰਬੋਧਿਤ ਕਰਨਗੇ। 17 ਅਪ੍ਰੈਲ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਸੰਦੀਪਨੀ ਸਕੂਲ ਪਠਾਨਕੋਟ ਤੋਂ ਏਵੀ ਕਾਲਜ ਪਠਾਨਕੋਟ ਤੱਕ ਪੈਦਲ ਯਾਤਰਾ ਕੱਢੀ ਜਾਵੇਗੀ, ਜਿਸ ਤੋਂ ਬਾਅਦ ਨਿਆੜੀ ਵਿਖੇ ਵੀਡੀਸੀ ਮੈਂਬਰਾਂ ਨਾਲ ਮੀਟਿੰਗ ਹੋਵੇਗੀ।
ਉਨ੍ਹਾਂ ਇਹ ਵੀ ਦੱਸਿਆ ਕਿ 18 ਅਪ੍ਰੈਲ ਨੂੰ ਸ੍ਰੀ ਸਾਂਈ ਕਾਲਜ ਬੰਧਾਣੀ ਵਿਖੇ ਸਰਹੱਦੀ ਖੇਤਰਾਂ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਜਾਵੇਗੀ। ਮੀਟਿੰਗ ਦੌਰਾਨ ਰਾਜਪਾਲ ਦੇ ਦੌਰੇ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਨਿਰਧਾਰਿਤ ਕੀਤੀਆਂ ਗਈਆਂ।

