ਚੰਡੀਗੜ੍ਹ : ਵਿਭਾਗੀ ਕੰਮ ਕਾਰ ’ਚ ਹੋਰ ਪਾਰਦਰਸ਼ਿਤਾ ਅਤੇ ਤੇਜ਼ੀ ਲਿਆਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ, ਲਾਲ ਚੰਦ ਕਟਾਰੂਚੱਕ ਵੱਲੋਂ ਵੀਰਵਾਰ ਨੂੰ ਵਿਭਾਗ ਦੇ ਮੁੱਖ ਦਫਤਰ, ਅਨਾਜ ਭਵਨ ਵਿਖੇ ਅਧਿਕਾਰੀਆਂ ਸਮੇਤ ਸਮੂਹ ਡਿਪਟੀ ਡਾਇਰੈਕਟਰ (ਫੀਲਡ) ਅਤੇ ਜ਼ਿਲ੍ਹਾ ਕੰਟਰੋਲਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਮੁਤਾਬਕ ਅਗਲੇ ਹਫ਼ਤੇ ਤਕ ਸਾਰੇ ਰਾਸ਼ਨ ਡਿਪੂਆਂ ‘ਤੇ ਜਨਵਰੀ-ਮਾਰਚ, 2025 ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ ਪਹੁੰਚ ਸਕਦੀ ਹੈ, ਜੋ ਰਾਸ਼ਨ ਕਾਰਡ ਧਾਰਕਾਂ ਨੂੰ ਵੰਡ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੀਟਿੰਗ ਦੌਰਾਨ ਸਾਰੇ ਫੀਲਡ ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰ ਵਿਖੇ ਹਾਜ਼ਰ ਹੋਣ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਹਰ ਰੋਜ ਕੁਝ ਸਮਾਂ ਆਮ ਜਨਤਾ ਨੂੰ ਮਿਲਣ ਲਈ ਨਿਰਧਾਰਤ ਕਰਨ ਲਈ ਹਦਾਇਤ ਕੀਤੀ ਗਈ। ਉਨ੍ਹਾਂ ਵਲੋਂ ਇਹ ਨਿਰਦੇਸ਼ ਦਿੱਤੇ ਗਏ ਕਿ ਆਮ ਜਨਤਾ ਨੂੰ ਆ ਰਹੀਆਂ ਦਿੱਕਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਸਮੂਹ ਡਿਪਟੀ ਡਾਇਰੈਕਟਰਾਂ ਅਤੇ ਜ਼ਿਲਾ ਕੰਟਰੋਲਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੇ ਅਧੀਨ ਆਉਂਦੇ ਜ਼ਿਲ੍ਹਿਆਂ ’ਚ ਰਾਸ਼ਨ ਡਿਪੂਆਂ ’ਤੇ ਚੈਕਿੰਗ ਕਰਨ ਤੋਂ ਇਲਾਵਾ ਲਾਭਪਾਤਰੀਆਂ ਨੂੰ ਕਣਕ ਦੀ ਚੱਲ ਰਹੀ ਵੰਡ ਕਰਨ ਦਾ ਖੁਦ ਜਾਇਜ਼ਾ ਲਿਆ ਜਾਵੇ। ਇਨ੍ਹਾਂ ਚੈਕਿੰਗਾਂ ਦੀ ਰਿਪੋਰਟਾਂ ਸਮੇਤ ਵਿਡਿਉਜ਼ ਮੁੱਖ ਦਫ਼ਤਰ ਨੂੰ ਭੇਜੇ ਜਾਣ।
ਮੰਤਰੀ ਵੱਲੋਂ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਗਿਆ ਕਿ ਮਹੀਨਾ ਜਨਵਰੀ-ਮਾਰਚ, 2025 ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ। ਰਾਸ਼ਨ ਡਿਪੂਆਂ ਉੱਤੇ ਭੇਜੀ ਜਾਂਦੀ ਕਣਕ ਦਾ ਪੂਰਾ ਵਜ਼ਨ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ ਅਤੇ ਲਾਭਪਾਤਰੀਆਂ ਨੂੰ ਉਨ੍ਹਾਂ ਦੀ ਪਾਤਰਤਾ ਅਨੁਸਾਰ ਬਣਦੀ ਕਣਕ ਸਹੀ ਮਾਤਰਾ ਅਤੇ ਚੰਗੇ ਮਿਆਰ ਦੀ ਹੋਣਾ ਯਕੀਨੀ ਬਣਾਇਆ ਜਾਵੇ। ਇਸ ਮੰਤਵ ਲਈ ਰਾਸ਼ਨ ਡਿਪੂ ਹੋਲਡਰਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਈ-ਪੋਜ ਮਸ਼ੀਨਾਂ ਦੇ ਨਾਲ ਭਾਰ ਤੋਲਣ ਵਾਲੇ ਕੰਡਿਆਂ ਦੀ ਇੰਟੀਗਰੇਸ਼ਨ ਕਰਨ ਲਈ ਹਦਾਇਤ ਕੀਤੀ ਗਈ।