ਚੰਡੀਗੜ੍ਹ: ਪੰਜਾਬ ਪੁਲਸ ਨੇ ਕੇਂਦਰੀ ਏਜੰਸੀਆਂ ਤੇ ਦਿੱਲੀ ਪੁਲਸ ਨਾਲ ਤਾਲਮੇਲ ਜ਼ਰੀਏ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਦੂਜੇ ਮੁਲਜ਼ਮ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਅਮਰੀਕਾ ਆਧਾਰਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ ਪਾਕਿਸਤਾਨ ਆਧਾਰਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਤੇ ਆਈ. ਐੱਸ. ਆਈ. ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ।
ਉਸ ਨੇ ਘਟਨਾ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਨੂੰ ਧਮਾਕਾਖੇਜ਼ ਸਮੱਗਰੀ, ਹਥਿਆਰ ਤੇ ਲੌਜਿਸਟਿਕਸ ਸਹਾਇਤਾ ਪ੍ਰਦਾਨ ਕੀਤੀ ਅਤੇ ਫਿਰ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਨੂੰ ਕੰਮ ਹੋਣ ਤੋਂ ਬਾਅਦ ਵਿੱਤੀ ਮਦਦ ਦੇਣ ਤੋਂ ਮੁੱਕਰ ਗਿਆ।ਡੀ. ਜੀ. ਪੀ. ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ ’ਤੇ ਜਾਣਕਾਰੀ ਦਿੱਤੀ ਕਿ ਵੱਖ-ਵੱਖ ਸਰੋਤਾਂ ਤੋਂ ਪ੍ਰਾਪਤ ਸੁਰਾਗਾਂ ਦੇ ਆਧਾਰ ‘ਤੇ ਦੂਜੇ ਮੁਲਜ਼ਮ ਵਿਸ਼ਾਲ ਮਸੀਹ ਵਾਸੀ ਪਿੰਡ ਰਾਇਮਲ ਜ਼ਿਲ੍ਹਾ ਗੁਰਦਾਸਪੁਰ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਜਾਂਚ ’ਚ ਸਾਹਮਣੇ ਆਇਆ ਹੈ ਕਿ ਹੈਪੀ ਪਾਸੀਆਂ ਨੇ ਪੰਜਾਬ ’ਚ ਆਪਣੇ ਸਾਥੀਆਂ ਰਾਹੀਂ ਮੁਲਜ਼ਮਾਂ ਨੂੰ ਵਿਸਫੋਟਕ ਸਮੱਗਰੀ, ਹਥਿਆਰ ਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਤੇ ਉਨ੍ਹਾਂ ਲਈ ਕੁੱਝ ਵਿੱਤੀ ਸਹਾਇਤਾ ਦਾ ਪ੍ਰਬੰਧ ਵੀ ਕੀਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰੋਹਨ ਤੇ ਵਿਸ਼ਾਲ ਅੰਮ੍ਰਿਤਸਰ ਗਏ, ਜਿੱਥੋਂ ਦੋਵਾਂ ਨੇ ਆਪਣੇ ਰਸਤੇ ਵੱਖੋ-ਵੱਖ ਕਰ ਲਏ। ਵਿਸ਼ਾਲ ਪਹਿਲਾਂ ਜੰਮੂ-ਕਸ਼ਮੀਰ ਗਿਆ ਤੇ ਉੱਥੋਂ ਫਿਰ ਦਿੱਲੀ ਚਲਾ ਗਿਆ, ਜਿਸ ਦੌਰਾਨ ਪੁਲਸ ਟੀਮਾਂ ਨੇ ਉਸ ਨੂੰ ਕਾਬੂ ਕਰ ਲਿਆ।