ਲੁਧਿਆਣਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਦੋ ਨੌਜਵਾਨਾਂ ਨੇ ਇੱਕ ਜੀਪ ਨੂੰ ਅੱਗ ਲਗਾ ਦਿੱਤੀ। ਮਾਮਲਾ ਲੁਧਿਆਣਾ ਦੇ ਥਾਣਾ ਦੁਗਰੀ ਅਧੀਨ ਪੈਂਦੇ ਇਲਾਕੇ ਗੋਬਿੰਦ ਨਗਰ ਦਾ ਹੈ, ਜਿੱਥੇ ਦੋ ਅਣਪਛਾਤਿਆਂ ਵੱਲੋਂ ਇੱਕ ਜੀਪ ਨੂੰ ਅੱਗ ਲਗਾ ਦਿੱਤੀ ਗਈ। ਇਸ ਦੌਰਾਨ ਘਟਨਾ ਦੀਆਂ ਤਸਵੀਰਾਂ ਵੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ। ਇਸ ਘਟਨਾ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਪਰਿਵਾਰ ਨੇ ਦੋਸ਼ ਲਗਾਇਆ ਕਿ ਪੁਰਾਣੀ ਰੰਜਿਸ਼ ਦੇ ਚਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਾਲ 2021 ’ਚ ਉਹਨਾਂ ’ਤੇ ਗੋਲੀ ਵੀ ਚਲਾਈ ਗਈ ਸੀ, ਜਿਸ ਨੂੰ ਲੈ ਕੇ ਮੁਕਦਮਾ ਵੀ ਦਰਜ ਕਰਵਾਇਆ ਗਿਆ।
ਪਰਿਵਾਰ ਨੇ ਮੁੜ ਦੋਸ਼ ਦੌਹਰਾਉਂਦੇ ਹੋਏ ਆਖਿਆ ਕਿ ਪੁਰਾਣੀ ਰੰਜਿਸ ਦੇ ਚਲਦਿਆਂ ਹੀ ਉਨ੍ਹਾਂ ਦੀ ਜੀਪ ਨੂੰ ਅੱਗ ਲਗਾਈ ਗਈ ਹੈ। ਸੀਸੀਟੀਵੀ ਦੇ ਮੁਤਾਬਕ ਘਟਨਾ ਨੂੰ ਅੰਜ਼ਾਮ ਦੇਣ ਲਈ ਤਿੰਨ ਨੌਜਵਾਨ ਆਏ ਸੀ, ਜਿੰਨ੍ਹਾਂ ਵਿੱਚੋਂ ਇੱਕ ਨੌਜਵਾਨ ਮੋਟਰਸਾਇਕਲ ’ਤੇ ਰਿਹਾ, ਜਦੋਂ ਨੇ ਵਾਰਦਾਤ ਨੂੰ ਅੰਜ਼ਾਮ ਦਿੰਦੇ ਹੋਏ ਜੀਪ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ ਦੌਰਾਨ ਦੂਜੀ ਧਿਰ ,ਜਿੰਨ੍ਹਾਂ ਤੇ ਪੀੜਤ ਪਰਿਵਾਰ ਨੇ ਇਲਜ਼ਾਮ ਲਗਾਏ ਹਨ, ਉਨ੍ਹਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਪਰਕ ਨਹੀਂ ਸਾਧਿਆ ਜਾ ਸਕਿਆ। ਇਸ ਤੋ ਇਲਾਵਾ ਪੁਲਿਸ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਐ, ਪਰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕਰਦੇ ਹੋਏ ਆਖਿਆ ਕਿ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਤੇ ਜਲਦੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।