ਲੋਹੀਆਂ ਖ਼ਾਸ – ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਖਾੜੀ ਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ ਵਾਪਸ ਦੇਸ਼ ਲਿਆਉਣ ਦੇ ਯਤਨਾਂ ਬਾਰੇ ਸੰਸਦ ਵਿਚ ਪੁੱਛੇ ਸਵਾਲ ਦਾ ਜਵਾਬ ਦਿੰਦੇ ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸਰਕਾਰ ਵੱਲੋਂ ਪਿਛਲੇ 5 ਸਾਲਾਂ ਦੌਰਾਨ 38 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਵਾਪਸ ਲਿਆਂਦਾ ਜਾ ਚੁੱਕਾ ਹੈ, ਜਿਨ੍ਹਾਂ ਵਿਚ ਜ਼ਿਆਦਾਤਰ ਔਰਤਾਂ ਹਨ।
ਜ਼ਿਕਰਯੋਗ ਹੈ ਕਿ ਖਾੜੀ ਦੇਸ਼ਾਂ ਵਿਚ ਪੰਜਾਬ ਦੀਆਂ ਧੀਆਂ-ਭੈਣਾਂ ਦੇ ਹੋ ਰਹੇ ਸ਼ੋਸ਼ਣ ਨੂੰ ਲੈ ਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਬੜੇ ਸੰਜੀਦਾ ਹਨ ਅਤੇ ਸਮੇਂ-ਸਮੇਂ ‘ਤੇ ਉਨ੍ਹਾਂ ਵੱਲੋਂ ਲਗਾਤਾਰ ਇਸ ਗੰਭੀਰ ਮੁੱਦੇ ਨੂੰ ਲੈ ਸਦਨ ਵਿਚ ਆਵਾਜ਼ ਚੁੱਕੀ ਜਾ ਰਹੀ ਹੈ। ਉਨ੍ਹਾਂ ਦੇ ਯਤਨਾਂ ਸਦਕਾ ਪਿਛਲੇ 2 ਸਾਲਾਂ ਵਿਚ 100 ਤੋਂ ਵੱਧ ਪੰਜਾਬ ਦੀਆਂ ਧੀਆਂ-ਭੈਣਾਂ ਨੂੰ ਵਾਪਸ ਲਿਆਂਦਾ ਜਾ ਚੁੱਕਿਆ ਹੈ, ਜਿਨ੍ਹਾਂ ਨੂੰ ਟਰੈਵਲ ਏਜੰਟਾਂ ਨੇ ਮੋਟੀਆਂ ਤਨਖ਼ਾਹਾਂ ਦਾ ਲਾਲਚ ਦੇ ਕੇ ਉਥੇ ਲਿਜਾ ਕੇ ਫਸਾ ਦਿੱਤਾ ਸੀ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਰਦ ਰੁੱਤ ਦੇ ਹੰਗਾਮਿਆਂ ਭਰਪੂਰ ਚਲ ਰਹੇ ਸੈਸ਼ਨ ਦੌਰਾਨ ਇਹ ਸਵਾਲ ਪੁੱਛਿਆ ਸੀ ਕਿ ਅਰਬ ਦੇਸ਼ਾਂ ਵਿਚ ਕਿੰਨ੍ਹੀਆਂ ਭਾਰਤੀ ਔਰਤਾਂ ਫ਼ਸੀਆਂ ਹੋਈਆਂ ਹਨ ਅਤੇ ਪਿਛਲੇ 5 ਸਾਲਾਂ ਵਿਚ ਕਿੰਨ੍ਹੇ ਭਾਰਤੀਆਂ ਨੂੰ ਵਾਪਸ ਲਿਆਂਦਾ ਗਿਆ ਹੈ।