ਲੋਕ ਸਭਾ ਚੋਣ ਪ੍ਰਚਾਰ ਦੇ ਚੱਲਦੇ ਵੱਖ-ਵੱਖ ਸਿਆਸੀ ਨੇਤਾਵਾਂ ਵੱਲੋਂ ਜਨਤਾ ’ਚ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਵੀਰਵਾਰ ਨੂੰ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ’ਚ ਚੋਣ ਪ੍ਰਚਾਰ ਕੀਤਾ। ਆਨੰਦ ਨਗਰ ਇਲਾਕੇ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਨੀਕ ਕੌਰ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਭਰੋਸੇ ਦੀ ਤਾਕਤ ਨਾਲ ਪਟਿਆਲਾ ਦੀ ਬੇਟੀ ਜ਼ਿਲ੍ਹੇ ਦਾ ਸਰਵਪੱਖੀ ਵਿਕਾਸ ਕਰਵਾਏਗੀ। ਪ੍ਰਨੀਤ ਕੌਰ ਨੇ ਕਿਹਾ ਕਿ ਜਿੰਨ੍ਹਾ ਵਿਕਾਸ 25 ਸਾਲਾਂ ਵਿੱਚ ਨਹੀਂ ਹੋ ਸਕਿਆ, ਉਹ ਅਗਲੇ ਪੰਜ ਸਾਲਾਂ ਵਿੱਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮਹਾਰਾਣੀ ਪ੍ਰਨੀਤ ਕੌਰ ਨੇ ਇੱਕ ਵਾਰ ਫਿਰ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਜੇਕਰ ਪਟਿਆਲਾ ਦੇ ਲੋਕ ਉਨ੍ਹਾਂ ਨੂੰ ਸੱਤਾ ’ਚ ਲਿਆਉਂਦੇ ਹਨ ਤਾਂ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਵਪਾਰ ਵਿੱਚ ਜ਼ਬਰਦਸਤ ਕ੍ਰਾਂਤੀ ਲਿਆਂਦੀ ਜਾਵੇਗੀ।
ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ, ਮੰਡਲ ਪ੍ਰਧਾਨ ਗੁਰਬਚਨ ਸਿੰਘ ਲਚਕਾਣੀ, ਮੰਡਲ ਪ੍ਰਧਾਨ ਗੁਰਧਿਆਨ ਸਿੰਘ, ਲਾਭ ਸਿੰਘ ਭਟੇੜੀ, ਵਰਿੰਦਰ ਗੁਪਤਾ, ਵਿਜੇ ਭਟਨਾਗਰ, ਅਮਿਤ ਸਿੰਘ, ਅਜੈਬ ਸਿੰਘ ਅਤੇ ਪ੍ਰੋ. ਰਛਪਾਲ ਸਿੰਘ ਮੌਜੂਦ ਰਹੇ। ਪ੍ਰਨੀਤ ਕੌਰ ਨੇ ਵਰਕਰਾਂ ਅਤੇ ਹਲਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਾਰ ਦੀ ਲੋਕ ਸਭਾ ਚੋਣ ਕੋਈ ਆਮ ਚੋਣ ਨਹੀਂ ਹੈ, ਬਲਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਚੋਣ ਹੈ। ਅੱਜ ਪੰਜਾਬ ਵਿੱਚ ਕਾਨੂੰਨ ਅਤੇ ਆਰਥਿਕ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਬੱਚਿਆਂ ਅਤੇ ਦੇਸ਼ ਦਾ ਭਵਿੱਖ ਇਸ ਸਮੇਂ ਖ਼ਤਰੇ ਵਿੱਚ ਹੈ ਅਤੇ ਇਸ ਨੂੰ ਠੀਕ ਕਰਨ ਲਈ ਪ੍ਰਧਾਨ ਮੰਤਰੀ ਵਜੋਂ ਨਰਿੰਦਰ ਮੋਦੀ ਨੂੰ ਦੇਸ਼ ਦੀ ਜ਼ਿੰਮੇਵਾਰੀ ਸੌਂਪਣ ਦੀ ਲੋੜ ਹੈ।
ਇਸ ਦੇ ਨਾਲ ਹੀ ਭਾਜਪਾ ਆਗੂ ਪ੍ਰਨੀਤ ਕੌਰ ਨੇ ਵਿਰੋਧੀ ਧਿਰ ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਨੂੰ ਆਮ ਆਦਮੀ ਕਲੀਨਿਕ ਵਿੱਚ ਛੋਟੀਆਂ-ਮੋਟੀਆਂ ਦਵਾਈਆਂ ਹੀ ਦਿੱਤੀਆਂ, ਪਰ ਪੰਜਾਬ ਸਰਕਾਰ ਕੋਲ ਵੱਡੀਆਂ ਬਿਮਾਰੀਆਂ ਦੇ ਇਲਾਜ਼ ਲਈ ਕੋਈ ਵੱਡੀ ਸਹੂਲਤ ਨਹੀਂ ਹੈ।