ਚੰਡੀਗੜ੍ਹ- ਪੰਜਾਬ ਦੇ ਕਈ ਸਕੂਲ ਸਿੱਖਿਆ ਵਿਭਾਗ ਦੇ ਹੁਕਮਾਂ ਨੂੰ ਅਣਗੌਲਿਆਂ ਕਰ ਰਹੇ ਹਨ। ਦਰਅਸਲ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਦਿੰਦੇ ਹਨ, ਜਿਸ ਨੂੰ ਲੈ ਕੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਾਈਵੇਟ ਸਕੂਲਾਂ ‘ਤੇ ਸਰਦੀਆਂ ਦੇ ਮੌਸਮ ‘ਚ ਸਕੂਲ ਖੋਲ੍ਹਣ ਦੇ ਸਮੇਂ ਸਬੰਧੀ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਹੈ।
ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਕਿਹਾ ਕਿ ਕਈ ਪ੍ਰਾਈਵੇਟ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਅਣਗੌਲਿਆਂ ਕਰ ਕੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਖੋਲ੍ਹ ਦਿੰਦੇ ਹਨ, ਜਿਸ ਕਾਰਨ ਧੁੰਦ ਅਤੇ ਠੰਢ ਦੇ ਮੌਸਮ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਸਬੰਧੀ ਉਨ੍ਹਾਂ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਬਾਲ ਸੁਰੱਖਿਆ ਅਫ਼ਸਰਾਂ ਅਤੇ ਪੁਲਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਸਕੂਲਾਂ ਵਿੱਚ ਸਰਕਾਰੀ ਹੁਕਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।