ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਈਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੇ ਆਪਸੀ ਜੰਗ ਵਾਲੇ ਹਾਲਾਤ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ ਕਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਲਈ ਸਰਵਉੱਚ ਹਨ, ਜਿਨ੍ਹਾਂ ਦਾ ਸਤਿਕਾਰ ਤੇ ਸੁਰੱਖਿਆ ਸਿੱਖ ਪੰਥ ਲਈ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਈਰਾਨ ਤੇ ਇਜ਼ਰਾਈਲ ਵਿਚ ਜੰਗ ਦੇ ਨਾਜ਼ੁਕ ਹਾਲਾਤ ਕਾਰਨ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ।