ਸਾਹਿਬਜ਼ਾਦਾ ਅਜੀਤ ਸਿੰਘ ਨਗਰ(ਮੁਹਾਲੀ)– ਪੰਜਾਬ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕਦਮਾਂ ਤਹਿਤ ਅੱਜ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦੋਵਾਂ ਵਿਭਾਗਾਂ ਨਾਲ ਆਪਸ ਵਿੱਚ ਜੁੜੇ ਮਾਮਲਿਆਂ ਨੂੰ ਤੇਜ਼ੀ ਨਾਲ ਨਿਪਟਾਉਣ ਲਈ ਅਹਿਮ ਮੀਟਿੰਗ ਕੀਤੀ ਗਈ।
ਪੁੱਡਾ ਭਵਨ ਮੁਹਾਲੀ ਵਿਖੇ ਹੋਈ ਮੀਟਿੰਗ ਵਿੱਚ ਸ਼ਹਿਰੀ ਵਿਕਾਸ ਮੰਤਰੀ ਤੇ ਉਦਯੋਗ ਮੰਤਰੀ ਨੇ ਅਧਿਕਾਰੀਆਂ ਨੂੰ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਨਅਤਕਾਰਾਂ ਤੇ ਨਿਵੇਸ਼ਕਾਂ ਲਈ ਵੱਡੇ ਫੈਸਲੇ ਕੀਤੇ ਗਏ ਹਨ ਜਿਨ੍ਹਾਂ ਨੂੰ ਲਾਗੂ ਕਰਨ ਲਈ ਸਬੰਧਤ ਵਿਭਾਗਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।
ਸ. ਮੁੰਡੀਆਂ ਤੇ ਸ. ਸੌਂਦ ਨੇ ਕਿਹਾ ਕਿ ਨਿਵੇਸ਼ਕਾਂ ਨੂੰ ਕਲੀਅਰੈਂਸ ਲਈ ਇਨਵੈਸਟ ਪੰਜਾਬ ਪੋਰਟਲ ਉਪਰ ਹੀ ਮਕਾਨ ਉਸਾਰੀ ਵਿਭਾਗ ਦਾ ਲਿੰਕ ਮਿਲੇਗਾ। ਉਨ੍ਹਾਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨਵੈਸਟ ਪੰਜਾਬ ਪੋਰਟਲ ਉੱਤੇ ਅਜਿਹਾ ਸਿੰਗਲ ਵਿੰਡੋ ਕਲੀਅਰੈਂਸ ਪ੍ਰਬੰਧ ਸਥਾਪਿਤ ਕੀਤਾ ਜਾਵੇ ਜਿੱਥੋਂ ਹੋਰਨਾਂ ਵਿਭਾਗਾਂ ਦੇ ਨਾਲ ਨਾਲ ਮਕਾਨ ਉਸਾਰੀ ਵਿਭਾਗ ਕੋਲੋਂ ਕਿਸੇ ਪ੍ਰਕਾਰ ਦੀ ਕਲੀਅਰੈਂਸ ਲੈਣਾ ਜਾਂ ਉਸ ਵਿਭਾਗ ਨਾਲ ਜੁੜੀ ਕੋਈ ਪ੍ਰਵਾਨਗੀ ਲੈਣ ਦੀ ਪ੍ਰਕਿਰਿਆ ਵਧੇਰੇ ਪ੍ਰਭਾਵਸ਼ਾਲੀ ਅਤੇ ਸੁਖਾਲੀ ਹੋਵੇ।
ਮਕਾਨ ਉਸਾਰੀ ਮੰਤਰੀ ਸ. ਸੌਂਦ ਨੇ ਕਿਹਾ ਕਿ ਨਿਵੇਸ਼ਕਾਂ ਜਾਂ ਸਨਅਤਕਾਰਾਂ ਨਾਲ ਜੁੜੇ ਮਾਮਲਿਆਂ ਸਬੰਧੀ ਮਕਾਨ ਉਸਾਰੀ ਵਿਭਾਗ ਵਿੱਚ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ ਜੋ ਮਹੀਨਾਵਾਰ ਮੀਟਿੰਗ ਕਰਕੇ ਮਾਮਲੇ ਹੱਲ ਕਰਨਗੇ।
ਮੀਟਿੰਗ ਵਿੱਚ ਇਨਵੈਸਟ ਪੰਜਾਬ ਦੇ ਸੀ.ਈ.ਓ. ਡੀ.ਪੀ.ਐਸ. ਖਰਬੰਦਾ, ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ, ਪੁੱਡਾ ਦੇ ਸੀ.ਏ. ਨੀਰੂ ਕਤਿਆਲ, ਗਮਾਡਾ ਦੇ ਸੀ.ਏ. ਮੋਨੀਸ਼ ਕੁਮਾਰ, ਨਗਰ ਨਿਗਮ ਮੁਹਾਲੀ ਦੇ ਕਮਿਸ਼ਨਰ ਡੀ.ਬੈਨਿਥ ਸਮੇਤ ਦੋਵਾਂ ਵਿਭਾਗਾਂ ਦੇ ਸਮੂਹ ਅਧਿਕਾਰੀ ਹਾਜ਼ਰ ਸਨ।