ਪੰਜਾਬ ’ਚ ਛੇਵੇਂ ਦਰਿਆ ਨਸ਼ੇ ਦਾ ਕਹਿਰ ਜਾਰੀ ਹੈ, ਅਜਿਹੇ ’ਚ ਸੂਬੇ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਭਗਵੰਤ ਮਾਨ ਦੀ ਅਗਵਾਈ ਹੇਠ ਲਗਾਤਾਰ ਨਸ਼ੇ ਦੇ ਦਰਿਆ ’ਤੇ ਠੱਲ ਪਾਉਣ ਦੀ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਦਰਅਸਲ ਪੰਜਾਬ ਪੁਲਿਸ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਨ ‘ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਵਿਦੇਸ਼ੀ ਡਰੱਗ ਸਮੱਗਲਰਾਂ ਦੇ 2 ਸੰਚਾਲਕਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ ਗਈ ਹੈ।
ਵਧੇਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਨੈਟਵਰਕ ਦੇ ਵਿਦੇਸ਼ੀ ਅਧਾਰਤ ਚੋਟੀ ਦੇ ਦੋ ਡਰੱਗ ਸਮੱਗਲਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਪਹਿਚਾਣ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਵੱਜੋ ਹੋਈ ਹੈ। ਜਿੰਨ੍ਹਾਂ ਪਾਸੋਂ 1.07 ਕਰੋੜ ਰੁਪਏ ਦੀ ਡਰੱਗ ਮਨੀ, ਪੈਸੇ ਦੀ ਗਿਣਤੀ ਕਰਨ ਵਾਲੀ ਇੱਕ ਮਸ਼ੀਨ, 1 ਕਾਰ, ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਿਸ ਵੱਲੋਂ ਦੋਵਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਤੇ ਹੋਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।