ਪੰਜਾਬੀ ਅਖਬਾਰ ਰੋਜ਼ਾਨਾ ‘ਪਹਿਰੇਦਾਰ’ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦਾ ਅੱਜ ਦੇਹਾਂਤ ਹੋ ਗਿਆ ਹੈ। ਦਰਅਸਲ ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸੀ। ਜਸਪਾਲ ਹੇਰਾਂ ਦੀ ਮੌਤ ’ਤੇ ਵੱਖ-ਵੱਖ ਰਾਜਨੀਤਿਕ ਆਗੂਆਂ ਅਤੇ ਧਾਰਮਿਕ ਜੱਥੇਬੰਦੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਜਸਪਾਲ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਦਾਰਾ ਪਹਿਰੇਦਾਰ ਦੇ ਮੁੱਖ ਸੰਪਾਦਕ ਅਤੇ ਪੰਥ ਦੇ ਦਰਦੀ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ਦੀ ਖ਼ਬਰ ਦੁੱਖਦਾਇਕ ਹੈ। ਹੇਰਾਂ ਨੇ ਵੱਖ-ਵੱਖ ਪੰਜਾਬੀ ਅਖਬਾਰਾਂ ‘ਚ ਬਤੌਰ ਪੱਤਰਕਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਨੂੰ ਪੰਥਕ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਹਮੇਸ਼ਾ ਸਤਿਕਾਰ ਦੇ ਨਾਲ ਯਾਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕੁਲਤਾਰ ਸਿੰਘ ਸੰਧਵਾਂ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਤਮਿਕ ਸ਼ਾਂਤੀ ਦੇਣ ਅਤੇ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।