ਅੰਮ੍ਰਿਤਸਰ : ਬੀਤੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਬੰਧ, ਮੈਂਬਰਾਂ ਅਤੇ ਅਹੁਦੇਦਾਰਾਂ ਵਿਰੁੱਧ ਕੁਝ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸੰਸਥਾ ਦੇ ਪ੍ਰਧਾਨ ਸਮੇਤ ਸਮੁੱਚੀ ਕਾਰਜਕਾਰੀ ਨੂੰ ਆਪਣਾ ਪੱਖ ਰੱਖਣ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦਿਆ ਸੀ। ਇਸੇ ਤਹਿਤ ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਸਮੇਤ ਕਾਰਜਕਾਰਨੀ ਕਮੇਟੀ ਦੇ ਕੁੱਲ 20 ਮੈਂਬਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ, ਜਿੱਥੇ ਉਨ੍ਹਾਂ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਜਥੇਦਾਰ ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਦੇ ਵਿਰੁੱਧ ਪੁੱਜੀਆਂ ਸ਼ਿਕਾਇਤਾਂ ਬਾਰੇ ਸਮੂਹ ਮੈਂਬਰਾਂ ਨਾਲ ਵਿਚਾਰ ਕਰਦਿਆਂ ਕੁਝ ਸਵਾਲ ਕੀਤੇ ਅਤੇ ਉਨ੍ਹਾਂ ਦਾ ਪੱਖ ਸੁਣਿਆ। ਇਸ ਉਪਰੰਤ ਜਥੇਦਾਰ ਗੜਗੱਜ ਨੇ ਚੀਫ਼ ਖ਼ਾਲਸਾ ਦੀਵਾਨ ਦੇ ਵਿਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਵਾਣਿਤ ਸਿੱਖ ਰਹਿਤ ਮਰਿਆਦਾ ਦੀ ਰੋਸ਼ਨੀ ਵਿਚ ਮੌਕੇ ‘ਤੇ ਹੀ ਕੁਝ ਅਹਿਮ ਫ਼ੈਸਲੇ ਕਰਦਿਆਂ ਸੰਸਥਾ ਦੇ ਨੁਮਾਇੰਦਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ।