ਅੰਮ੍ਰਿਤਸਰ – 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ‘ਚ ਬਣੀ ਸਿੱਟ ਵੱਲੋਂ ਐੱਸ. ਜੀ. ਪੀ. ਸੀ. ਦੇ 40 ਮੌਜੂਦਾ ਅਤੇ ਸੇਵਾਮੁਕਤ ਅਧਿਕਾਰੀਆਂ ਨੂੰ ਪੁਲਸ ਕਮਿਸ਼ਨਰ ਦਫ਼ਤਰ ਵਿਖੇ ਪੇਸ਼ ਹੋਣ ਲਈ ਸੰਮਣ ਭੇਜੇ ਗਏ ਹਨ। ਇਸ ਮਾਮਲੇ ‘ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਜੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਜਾਂਚ ਦੀ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਨੂੰ ਕੀਤੀ ਜਾ ਰਹੀ ਕਥਿਤ ਮਾਨਸਿਕ ਪਰੇਸ਼ਾਨੀ ‘ਤੇ ਚਿੰਤਾ ਪ੍ਰਗਟਾਈ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਸਿੱਟ ਵੱਲੋਂ ਦੋਬਾਰਾ 40 ਲੋਕਾਂ ਨੂੰ ਬਿਆਨ ਦਰਜ ਕਰਵਾਉਣ ਲਈ ਸੱਦਿਆ ਗਿਆ ਹੈ। ਉਨ੍ਹਾਂ ਸਪੱਸ਼ਟ ਰੂਪ ਵਿਚ ਕਿਹਾ ਕਿ ਇਸ ਤੋਂ ਪਹਿਲਾਂ ਵੀ ਡਾਕਟਰ ਈਸ਼ਰ ਸਿੰਘ ਦੀ ਰਿਪੋਰਟ ਦੌਰਾਨ ਸਭ ਦੇ ਬਿਆਨ ਦਰਜ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ ਪਰ ਜਾਂਚ ਦੇ ਨਾਂ ‘ਤੇ ਕਿਸੇ ਦੀ ਸਰੀਰਕ ਜਾਂ ਮਾਨਸਿਕ ਹਰਾਸਮੈਂਟ ਨਹੀਂ ਹੋਣੀ ਚਾਹੀਦੀ।
ਇਸ ਦੇ ਇਲਾਵਾ ਜਥੇਦਾਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖ਼ੁਦ ਸਿੱਟ ਦੇ ਮੁਖੀ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਮੇਟੀ ਵੱਲੋਂ ਜਾਂਚ ‘ਚ ਪੂਰੀ ਮਦਦ ਮਿਲ ਰਹੀ ਹੈ। ਅਜਿਹੀ ਸਥਿਤੀ ‘ਚ ਪ੍ਰਸ਼ਾਸਨ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਾਂਚ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਬਿਨਾਂ ਵਜ੍ਹਾ ਅਧਿਕਾਰੀਆਂ ‘ਤੇ ਮਾਨਸਿਕ ਦਬਾਅ ਨਾ ਪਾਉਣ। ਇਹ ਮਾਮਲਾ ਸਿੱਖ ਪੰਥ ਲਈ ਬਹੁਤ ਸੰਵੇਦਨਸ਼ੀਲ ਹੈ, ਕਿਉਂਕਿ ਇਹ ਪਾਵਨ ਸਰੂਪਾਂ ਦੀ ਮਰਿਆਦਾ ਅਤੇ ਰਿਕਾਰਡ ਨਾਲ ਜੁੜਿਆ ਹੋਇਆ ਹੈ। ਗਿਆਨੀ ਰਘਬੀਰ ਸਿੰਘ ਨੇ ਉਮੀਦ ਜਤਾਉਂਦੇ ਕਿਹਾ ਕਿ ਜਾਂਚ ਨਿਰਪੱਖ ਹੋਵੇਗੀ ਅਤੇ ਅਸਲੀਅਤ ਸਾਹਮਣੇ ਆਵੇਗੀ ਪਰ ਉਨ੍ਹਾਂ ਮੁੜ ਦੋਹਰਾਇਆ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਜਾਂਚ ਦੌਰਾਨ ਮਾਨਵੀ ਕਦਰਾਂ-ਕੀਮਤਾਂ ਦਾ ਖਿਆਲ ਰੱਖਣਾ ਚਾਹੀਦਾ ਹੈ।

