ਤਿਹਾੜ ਜੇਲ੍ਹ ’ਚ ਬੰਦ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਬੀਤੇ ਮੰਗਲਵਾਰ ਦੀ ਰਾਤ ਉਨ੍ਹਾਂ ਤੋਂ ਪੁੱਛ ਗਿੱਛ ਕੀਤੀ ਗਈ ਤੇ ਉਨ੍ਹਾਂ ਦੇ ਬਿਆਨ ਦਰਜ਼ ਕੀਤੇ ਗਏ। ਇਸੇ ਨੂੰ ਲੈ ਕੇ ਆਮ ਆਦਮੀ ਪਾਰਟੀ ਲਗਾਤਾਰ ਭਾਜਪਾ ਦੀ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧ ਰਹੀ ਹੈ। ਹੁਣ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ‘ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ।
ਦਰਅਸਲ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਅਤੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਸ ਮਾਮਲੇ ’ਤੇ ਭਾਜਪਾ ਦੀ ਕੇਂਦਰ ਸਰਕਾਰ ’ਤੇ ਰੱਜ ਕੇ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਸਿਆਸੀ ਬਦਲਾਖੋਰੀ ਦੀ ਨੀਤੀ ਤਹਿਤ ਲਗਾਤਾਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਵਿਰੁੱਧ ਕੰਮ ਕਰ ਰਹੀ ਹੈ। ਭਾਜਪਾ ਦੀ ਮੋਦੀ ਸਰਕਾਰ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੇ ਟੀਚੇ ਨਾਲ ਅਰਵਿੰਦ ਕੇਜਰੀਵਾਲ ਅਤੇ ‘ਆਪ’ ਆਗੂਆਂ ਵਿਰੁੱਧ ਜਾਂਚ ਏਜੰਸੀਆਂ ਦੀ ਗਲਤ ਵਰਤੋਂ ਕਰ ਰਹੀ ਹੈ।
ਇਸ ਦੇ ਨਾਲ ਹੀ ਕੰਗ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਇਸ ਮਾਮਲੇ ਦੇ ਮੁੱਖ ਮੁਲਜ਼ਮ ਰਾਘਵ ਰੈਡੀ ਅਤੇ ਸ਼ਰਦਚੰਦਰ ਰੈਡੀ ਹਨ ਜਿੰਨ੍ਹਾਂ ਦਾ ਭਾਜਪਾ ਦੇ ਨਾਲ ਸਬੰਧ ਹੈ। ਉਨ੍ਹਾਂ ਨੇ ਚੋਣ ਬਾਂਡ ਰਾਹੀਂ ਭਾਜਪਾ ਨੂੰ 60 ਕਰੋੜ ਰੁਪਏ ਦਾ ਫੰਡ ਦਿੱਤਾ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਹੀ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਤੋਂ ਭਾਜਪਾ ਦੇ ਇਰਾਦੇ ਸਾਫ਼ ਨਜ਼ਰ ਆ ਰਹੇ ਹਨ। ਕੰਗ ਨੇ ਕਿਹਾ ਕਿ ਭਾਜਪਾ ਕੁਝ ਵੀ ਕਰ ਲਵੇ, ਪਰ ਸਾਨੂੰ ਭਰੋਸਾ ਹੈ ਕਿ ਸਾਨੂੰ ਅਦਾਲਤ ਤੋਂ ਨਿਆਂ ਜ਼ਰੂਰ ਮਿਲੇਗਾ। ਜਲਦੀ ਹੀ ਅਰਵਿੰਦ ਕੇਜਰੀਵਾਲ ਬੇਕਸੂਰ ਸਾਬਤ ਹੋਣਗੇ ਅਤੇ ਉਨ੍ਹਾਂ ਨੂੰ ਜ਼ਮਾਨਤ ਮਿਲ ਜਾਵੇਗੀ