ਜਲੰਧਰ –ਪੰਜਾਬ ਵਿਚ ਟਰੈਵਲ ਏਜੰਟਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਜਲੰਧਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮਨੁੱਖੀ ਸਮੱਗਲਿੰਗ ਦੀ ਨਕੇਲ ਕੱਸਣ ਲਈ ਵੱਡਾ ਐਕਸ਼ਨ ਲੈਂਦੇ ਹੋਏ ਜ਼ਿਲ੍ਹੇ ਦੇ 271 ਟਰੈਵਲ ਏਜੰਟਾਂ ਨੂੰ ਨੋਟਿਸ ਜਾਰੀ ਕੀਤੇ ਹਨ। ਨੋਟਿਸ ਉਨ੍ਹਾਂ ਟਰੈਵਲ ਏਜੰਟਾਂ ਨੂੰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ ਲਾਇਸੈਂਸ ਦੀ ਸਮਾਪਤੀ ਮਿਤੀ ਤੋਂ ਬਾਅਦ ਵੀ ਲਾਇਸੈਂਸ ਨੂੰ ਰੀਨਿਊ ਨਹੀਂ ਕਰਵਾਇਆ ਹੈ।
ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਜ਼ਿਲ੍ਹੇ ਦੇ ਐੱਸ. ਡੀ. ਐੱਮਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰ ’ਚ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਕੰਸਲਟੈਂਟਾਂ ਦੇ ਦਫ਼ਤਰਾਂ ’ਚ ਦਸਤਾਵੇਜ਼ਾਂ ਦੀ ਜਾਂਚ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਕਿ ਅਣਅਧਿਕਾਰਿਤ ਟਰੈਵਲ ਏਜੰਟਾਂ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਧੋਖਾਧੜੀ ਦੀ ਸੰਭਾਵਨਾ ਨੂੰ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੁਲਸ ਨੂੰ ਵੀ ਨਿਰਦੇਸ਼ ਦਿੱਤੇ ਕਿ ਜਦੋਂ ਵੀ ਜ਼ਿਲ੍ਹੇ ’ਚ ਕਿਸੇ ਟਰੈਵਲ ਏਜੰਟ ਵਿਰੁੱਧ ਮਾਮਲਾ ਦਰਜ ਹੋਵੇ ਤਾਂ ਇਸ ਦੀ ਸੂਚਨਾ ਤੁਰੰਤ ਡੀ. ਸੀ. ਆਫਿਸ ਨੂੰ ਦੇਣਾ ਯਕੀਨੀ ਬਣਾਇਆ ਜਾਵੇ। ਡਾ. ਅਗਰਵਾਲ ਨੇ ਜ਼ਿਲ੍ਹੇ ਦੇ ਸਾਰੇ ਟਰੈਵਲ ਏਜੰਟਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ ਦਫ਼ਤਰਾਂ ਦਾ ਰਿਕਾਰਡ ਸਹੀ ਢੰਗ ਨਾਲ ਰੱਖਣ ਅਤੇ ਕੋਈ ਵੀ ਟਰੈਵਲ ਏਜੰਟ ਜਾਂ ਇਮੀਗ੍ਰੇਸ਼ਨ ਕੰਸਲਟੈਂਟ ਅਧੂਰੇ ਦਸਤਾਵੇਜ਼ਾਂ ਦੇ ਆਧਾਰ ’ਤੇ ਕੰਮ ਨਾ ਕਰੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਣਅਧਿਕਾਰਤ ਢੰਗ ਨਾਲ ਕੰਮ ਕਰ ਰਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰੇਗਾ।