ਗੁਰਦਾਸਪੁਰ – ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਰਿੰਦਰ ਸਿੰਘ ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ 31 ਅਕਤੂਬਰ 2024 (ਦੀਵਾਲੀ ਦੇ ਦਿਨ) ਰਾਤ 8 ਤੋਂ ਰਾਤ 10 ਵਜੇ ਤੱਕ (ਗੁਰਪੁਰਬ ਦੇ ਦਿਨ) ਸਵੇਰੇ 4 ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਤੋਂ ਰਾਤ 10 ਵਜੇ ਤੱਕ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ, ਰਾਤ ਨੂੰ 11 : 55 ਤੋਂ ਸਵੇਰੇ 12 : 30 ਤੱਕ ਦੇ ਸਮੇਂ ਤੋਂ ਪਹਿਲਾਂ ਅਤੇ ਬਾਅਦ’ਚ ਆਤਿਸ਼ਬਾਜ਼ੀ ਚਲਾਉਣ/ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਇਨ੍ਹਾਂ ਹੁਕਮਾਂ ਅਨੁਸਾਰ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ, ਦੁਰਘਾਟਨਵਾਂ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ ਅਤੇ ਵਾਤਾਵਾਰਣ ਵੀ ਬਹੁਤ ਪ੍ਰਦੂਸ਼ਿਤ ਹੁੰਦਾ ਹੈ। ਇਸ ਨਾਲ ਸਰਕਾਰੀ ਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾਂ ਵੀ ਵੱਧ ਜਾਂਦਾ ਹੈ। ਹੁਕਮਾਂ ’ਚ ਸਾਈਲੈਂਸ ਜ਼ੋਨ, ਜਿਵੇਂ ਕਿ ਸਰਕਾਰੀ ਦਫ਼ਤਰਾਂ, ਜੰਗਲਾਤ, ਹਸਪਤਾਲਾਂ, ਵਿਦਿਆਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਈਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ’ਚ ਆਤਿਸ਼ਬਾਜ਼ੀ/ਪਟਾਕਿਆਂ ਨੂੰ ਚਲਾਉਣ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ, ਉਦਯੋਗ ਅਤੇ ਕਾਮਰਸ ਵਿਭਾਗ ਚੰਡੀਗੜ੍ਹ ਵੱਲੋਂ ਐਕਸਪਲੋਸਿਵ ਰੂਲ 2008 ਸਬੰਧੀ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 7 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਦਿੱਤੇ ਹੁਕਮਾਂ ਅਨੁਸਾਰ ਦੁਕਾਨਦਾਰਾਂ ਨੂੰ ਪਟਾਕੇ ਵੇਚਣ ਸਬੰਧੀ ਲਾਇਸੈਂਸ ਕੁਲ ਪ੍ਰਾਪਤ ਹੋਈਆਂ ਦਰਖਾਸਤਾਂ ’ਚੋਂ 20 ਪ੍ਰਤੀਸ਼ਤ ਦੇ ਹਿਸਾਬ ਨਾਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਕੱਢਿਆ ਜਾਵੇਗਾ।