ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ’ਚ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਰਕਰਾਂ ਨਾਲ ਲੰਚ ਕੀਤਾ ਅਤੇ ਉਨ੍ਹਾਂ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ‘ਚ ਇਤਿਹਾਸਕ ਜਿੱਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਵੇਖਣਾਂ ‘ਚ ਨਹੀਂ ਆਉਂਦੀ, ਕਿਸੇ ਨੇ ਭਵਿੱਖਬਾਣੀ ਨਹੀਂ ਕੀਤੀ ਕਿ ਮੋਹਿੰਦਰ ਭਗਤ ਨੂੰ 60 ਹਜ਼ਾਰ ਦੇ ਕਰੀਬ ਵੋਟਾਂ ਮਿਲਣਗੀਆਂ ਅਤੇ ਅਸੀਂ ਇਹ ਸੀਟ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤਾਂਗੇ। ਪਰ ਲੋਕ ਮਿਹਨਤ ਅਤੇ ਲੋਕ ਪੱਖੀ ਨੀਤੀਆਂ ਦੀ ਕਦਰ ਕਰਦੇ ਹਨ।
ਦਰਅਸਲ ਲੰਚ ਤੋਂ ਪਹਿਲਾਂ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਸੀਐੱਮ ਮਾਨ ਨੇ ਕਿਹਾ ਕਿ ਇਹ ਜਿੱਤ ‘ਆਪ’ ਦੇ ਮਿਹਨਤੀ ਵਲੰਟੀਅਰਾਂ ਦੀ ਹੈ, ਜਿਨ੍ਹਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ‘ਆਪ’ ਸਰਕਾਰ ਦੇ ਲੋਕ ਭਲਾਈ ਕੰਮਾਂ ਤੋਂ ਜਾਣੂ ਕਰਵਾਇਆ। ਮੁੱਖ ਮੰਤਰੀ ਨੇ ‘ਆਪ’ ਵਲੰਟੀਅਰਾਂ ਨੂੰ ਇੱਕਜੁੱਟ ਰਹਿਣ ਅਤੇ ‘ਰੰਗਲਾ ਪੰਜਾਬ’ ਲਈ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਇਰਾਦੇ ਇਮਾਨਦਾਰ ਨਾ ਹੋਣ ਤਾਂ ਅੰਦਰੂਨੀ ਝਗੜੇ, ਸਿਆਸੀ ਪਾਰਟੀਆਂ ਨੂੰ ਖ਼ਤਮ ਕਰ ਦਿੰਦੀਆਂ ਹਨ, ਜਿਸ ਦੀ ਤਾਜ਼ਾ ਮਿਸਾਲ ਸ਼੍ਰੋਮਣੀ ਅਕਾਲੀ ਦਲ ਹੈ।
ਇਸ ਦੇ ਨਾਲ ਹੀ ਸੀਐੱਮ ਮਾਨ ਨੇ ਵਿਰੋਧੀ ਸੱਤਾ ਧਿਰ ਦਾ ਨਾਂ ਲਏ ਬਿਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਵਿੱਚ ਆਪਣੇ ਵਲੰਟੀਅਰਾਂ ਦੀ ਇਸ ਕਾਮਯਾਬੀ ਦਾ ਜਸ਼ਨ ਮਨਾਇਆ। ਇਹ ਉਨ੍ਹਾਂ ਲੋਕਾਂ ਦੇ ਮੂੰਹ ‘ਤੇ ਵੀ ਕਰਾਰੀ ਚਪੇੜ ਹੈ, ਜਿਹੜੇ ਸੋਚਦੇ ਸਨ ਕਿ ਉਹ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ‘ਚ ਪਾ ਕੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰ ਸਕਦੇ ਹਨ। ਨਾਲ ਹੀ ਮੁੱਖ ਮੰਤਰੀ ਨੇ ਸ਼ੀਤਲ ਅੰਗੁਰਾਲ ‘ਤੇ ਵੀ ਚੁਟਕੀ ਲਈ। ਉਨ੍ਹਾਂ ਆਖਿਆ ਕਿ ਧੀਰਜ ਰੱਖਣਾ ਬਹੁਤ ਜ਼ਰੂਰੀ ਹੈ। ਜੋ ਲੋਕ ਲਾਲਚੀ ਹੋ ਜਾਂਦੇ ਹਨ, ਪਰਮਾਤਮਾ ਉਨ੍ਹਾਂ ਦੀ ਸਹਾਇਤਾ ਨਹੀਂ ਕਰਦਾ, ਉਨ੍ਹਾਂ ਦੀ ਥਾਂ ਕਿਸੇ ‘ਭਗਤ’ ਨੂੰ ਦੇ ਦਿੰਦਾ ਹੈ।
ਇਸ ਤੋਂ ਇਲਾਵਾ ਮਾਨ ਨੇ ਕਿਹਾ ਕਿ ਉਹ ਹਫ਼ਤੇ ਵਿੱਚ ਦੋ ਦਿਨ ਜਲੰਧਰ ਵਿੱਚ ਰਹਿਣਗੇ ਤਾਂ ਜੋ ਦੁਆਬੇ ਅਤੇ ਮਾਝੇ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਉਨ੍ਹਾਂ ਸਾਰੇ ਵਰਕਰਾਂ ਨੂੰ ਜਾਣਦੇ ਹਨ ਜਿਨ੍ਹਾਂ ਨੇ ਇਸ ਜ਼ਿਮਨੀ ਚੋਣ ‘ਚ ‘ਆਪ’ ਦੀ ਜਿੱਤ ਲਈ ਸਖਤ ਮਿਹਨਤ ਕੀਤੀ ਹੈ। ਇਨ੍ਹਾਂ ਸਾਰਿਆਂ ਨੂੰ ਜਲਦੀ ਹੀ ਲੋਕਾਂ ਦੀ ਸੇਵਾ ਕਰਨ ਲਈ ਸੰਗਠਨ ਅਤੇ ਸਰਕਾਰ ਵਿਚ ਜ਼ਿੰਮੇਵਾਰੀਆਂ ਮਿਲਣਗੀਆਂ।