ਜਲਾਲਾਬਾਦ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਜਲਾਲਾਬਾਦ ਹਲਕੇ ਦੇ ਪਿੰਡ ਢਾਣੀ ਨੱਥਾ ਸਿੰਘ, ਢਾਣੀ ਫੂਲਾ ਸਿੰਘ, ਢੰਡੀ ਕਦੀਮ, ਆਤੂਵਾਲਾ ਅਤੇ ਸੰਤੋਖ ਸਿੰਘ ਵਾਲਾ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਹੜ੍ਹ ਨਾਲ ਪ੍ਰਭਾਵਿਤ ਪਰਿਵਾਰਾਂ ਦੇ ਲੋਕਾਂ ਨਾਲ ਦੁੱਖ-ਦਰਦ ਸਾਂਝੇ ਕੀਤੇ ਅਤੇ ਪਰਿਵਾਰਾਂ ਨੂੰ ਹੌਂਸਲਾ ਦਿੰਦੇ ਹੋਏ ਕੇਂਦਰ ਤੇ ਸੂਬਾ ਸਰਕਾਰ ਨੂੰ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਵੇ ਲਈ ਜ਼ਰੂਰੀ ਕਦਮ ਚੁੱਕਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ, ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਸੂਬਾ ਉਪ ਪ੍ਰਧਾਨ ਮੋਨਾ ਜੈਸਵਾਲ, ਮੰਡਲ ਪ੍ਰਧਾਨ ਘੁਬਾਇਆ ਜਗਤਾਰ ਸਿੰਘ ਵੀ ਮੌਜੂਦ ਸਨ।
ਭਾਜਪਾ ਆਗੂਆਂ ਨੇ ਮਿਲ ਕੇ ਹੜ੍ਹ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਕੇਂਦਰ ਪੱਧਰ ’ਤੇ ਮਦਦ ਲਈ ਹਰ ਯਤਨ ਕੀਤਾ ਜਾਵੇਗਾ। ਗੱਲਬਾਤ ਕਰਦੇ ਹੋਏ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਮੁੜ ਵਸੇਬੇ ਲਈ ਕੇਂਦਰ ਸਰਕਾਰ ਵੱਲੋਂ ਹਰੇਕ ਸਟੇਟ ਲਈ ਡਿਜ਼ਾਸਟਰ ਰਿਸਪਾਂਸ ਫੰਡ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਵੇਲੇ ਪੰਜਾਬ ਦੇ ਖਾਤੇ ’ਚ ਤਕਰੀਬਨ 7 ਹਜ਼ਾਰ ਕਰੋੜ ਰੁਪਏ ਇਸ ਫੰਡ ਹੇਠ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਪੰਜਾਬ ਸਰਕਾਰ ਵੱਲੋਂ ਨੁਕਸਾਨ ਦੀ ਅਧਿਕਾਰਤ ਰਿਪੋਰਟ ਭੇਜੀ ਜਾਵੇਗੀ, ਕੇਂਦਰ ਵੱਲੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਫੰਡ ਜਾਰੀ ਹੋ ਸਕਦਾ ਹੈ।