ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਦੇ ਕਈ ਨੇਤਾ ਤੇ ਵਰਕਰ ਐਤਵਾਰ ਕਾਂਗਰਸ ਦੀ ਦਿੱਲੀ ਇਕਾਈ ਦੇ ਪ੍ਰਧਾਨ ਦੇਵੇਂਦਰ ਯਾਦਵ ਦੀ ਮੌਜੂਦਗੀ ਵਿਚ ਪਾਰਟੀ ‘ਚ ਸ਼ਾਮਲ ਹੋ ਗਏ। ਇਹ ਜਾਣਕਾਰੀ ਇਕ ਅਧਿਕਾਰਤ ਬਿਆਨ ‘ਚ ਦਿੱਤੀ ਗਈ। ਯਾਦਵ ਨੇ ਸੂਬਾ ਕਾਂਗਰਸ ਦੇ ਦਫ਼ਤਰ ਵਿਖੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਕਾਂਗਰਸ ਦਾ ਪਟਕਾ ਭੇਟ ਕੀਤਾ। ਯਾਦਵ ਨੇ ਦੋਸ਼ ਲਾਇਆ ਕਿ ਜੇ ਰਾਸ਼ਟਰੀ ਰਾਜਧਾਨੀ ‘ਚ ਕਾਨੂੰਨ ਵਿਵਸਥਾ ਵਿਗੜ ਗਈ ਹੈ ਤਾਂ ਇਸ ਲਈ ਭਾਜਪਾ ਤੇ ‘ਆਪ’ ਦੋਵੇਂ ਸਰਕਾਰਾਂ ਬਰਾਬਰ ਜ਼ਿੰਮੇਵਾਰ ਹਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਆਪਣੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ ਸਮੇਤ ਹਰ ਕਿਸੇ ਦੀਆਂ ਖਾਮੀਆਂ ਲੱਭਣ ਵਿਚ ਰੁੱਝੇ ਹੋਏ ਹਨ। ਉਹ ਇਹ ਭੁੱਲ ਗਏ ਹਨ ਕਿ ਜੇਲ੍ਹ ਵਿਚ ਰਹਿਣ ਦੌਰਾਨ ਉਨ੍ਹਾਂ ਪੰਜ ਮਹੀਨਿਆਂ ਤੋਂ ਵੱਧ ਸਮਾਂ ਮੁੱਖ ਮੰਤਰੀ ਦਾ ਅਹੁਦਾ ਨਹੀਂ ਛੱਡਿਆ ਸੀ।
ਉਨ੍ਹਾਂ ਕਿਹਾ ਕਿ ਜਦੋਂ ਰਾਸ਼ਟਰੀ ਰਾਜਧਾਨੀ ਪਾਣੀ ਭਰ ਜਾਣ ਦੀ ਸਮੱਸਿਆ ਨਾਲ ਜੂਝ ਰਹੀ ਸੀ ਤਾਂ ਦਿੱਲੀ ‘ਚ ਸ਼ਾਸਨ ਵਿਵਸਥਾ ਠੱਪ ਹੋ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਕਾਂਗਰਸ ਦੀ ਸਰਕਾਰ ਸੀ ਤਾਂ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਹੇਠ ਸੀ। ਲੋਕਾਂ ਨੂੰ 24 ਘੰਟੇ ਪਾਣੀ ਦੀ ਸਪਲਾਈ ਹੁੰਦੀ ਸੀ । ਪਾਣੀ ਭਰਨ ਤੋਂ ਰੋਕਣ ਲਈ ਹਰ ਬਰਸਾਤ ਤੋਂ ਪਹਿਲਾਂ ਡਰੇਨਾਂ ਅਤੇ ਸੀਵਰਾਂ ਦੀ ਸਫ਼ਾਈ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਹ ਵੀ ਯਕੀਨੀ ਬਣਾਇਆ ਸੀ ਕਿ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਹੋਵੇ ਤੇ ਦਿੱਲੀ ‘ਚ ਬਿਜਲੀ ਦੇਸ਼ ‘ਚ ਸਭ ਤੋਂ ਸਸਤੀਆਂ ਦਰਾਂ ‘ਤੇ ਉਪਲਬਧ ਹੋਵੇ।