ਜਲੰਧਰ– ਥਾਣਾ ਬਸਤੀ ਬਾਵਾ ਖੇਲ ਅਧੀਨ ਪੈਂਦੇ ਰਾਜ ਨਗਰ ਵਿਚ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਇਕ 18 ਸਾਲਾ ਨੌਜਵਾਨ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਾਗਰ ਨਿਵਾਸੀ ਰਾਜ ਨਗਰ ਵਜੋਂ ਹੋਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਸਤੀ ਬਾਵਾ ਖੇਲ ਦੇ ਇੰਚਾਰਜ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਨੀਵਾਰ ਨੂੰ ਸੂਚਨਾ ਮਿਲੀ ਸੀ ਕਿ ਰਾਜ ਨਗਰ ਵਿਚ ਇਕ ਨੌਜਵਾਨ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੌਕੇ ’ਤੇ ਪੁੱਜੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ। ਮੰਗਲਵਾਰ ਸਵੇਰੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਨੌਜਵਾਨ ਦਾ ਇਕ ਸਾਲ ਪਹਿਲਾਂ ਵਿਆਹ ਹੋਇਆ ਸੀ। ਉਸਦੇ ਮਾਤਾ-ਪਿਤਾ ਰਾਜ ਨਗਰ ਵਿਚ ਹੀ ਵੱਖ ਮਕਾਨ ਵਿਚ ਰਹਿੰਦੇ ਸਨ। ਉਹ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਮ੍ਰਿਤਕ ਦੇ ਪਿਤਾ ਰਾਮ ਬਹਾਦਰ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਕਾਫੀ ਸਮੇਂ ਤੋਂ ਡਿਪ੍ਰੈਸ਼ਨ ਵਿਚ ਸੀ, ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਹੈ।