ਅਜਨਾਲਾ/ਚੇਤਨਪੁਰਾ – ਵਿਦੇਸ਼ ਰੋਜ਼ੀ-ਰੋਟੀ ਕਮਾਉਣ ਲਈ ਗਰੀਬ ਪਰਿਵਾਰਾਂ ਨਾਲ ਸਬੰਧਿਤ ਦੋਹਾ ਕਤਰ ਦੀ ਦਹੇਲ ਜੇਲ੍ਹ ਵਿਚ ਬੰਦ 7 ਨੌਜਵਾਨਾਂ ਨੂੰ ਛੁਡਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਹਿੰਦੋਸਤਾਨ ਦੇ ਹੋਮ ਮਨੀਸਟਰ ਤੇ ਵਿਦੇਸ਼ ਮੰਤਰਾਲੇ ਨਾਲ ਸੰਪਰਕ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਕੁਲਬੀਰ ਸਿੰਘ, ਗੁਰਲਾਲ ਸਿੰਘ, ਰਾਜਵਿੰਦਰ ਸਿੰਘ, ਕਰਨਦੀਪ ਸਿੰਘ, ਕੰਨਮਲਜੀਤ ਸਿੰਘ, ਧਰਮਿੰਦਰ ਸਿੰਘ, ਲਵਪ੍ਰੀਤ ਸਿੰਘ, ਪ੍ਰਗਟ ਸਿੰਘ ਆਦਿ ਨੌਜਵਾਨਾਂ ਨੂੰ ਜਲਦੀ ਵਾਪਸ ਲਿਆਂਦਾ ਜਾ ਸਕੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਤਰ ਵਿਖੇ 7 ਸਾਲ ਦੀ ਸਜ਼ਾ ਭੁਗਤ ਰਹੇ ਪੰਜਾਬ ਦੇ 6 ਅਤੇ 1 ਯੂ. ਪੀ. ਦੇ ਨੌਜਵਾਨ ਸਬੰਧੀ ਜਾਣਕਾਰੀ ਦਿੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਾਰੇ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਹਰ ਕੋਸ਼ਿਸ਼ ਕਰੇਗੀ ਤਾਂ ਜੋ ਨੌਜਵਾਨਾਂ ਨੂੰ ਜਲਦੀ ਵਾਪਸ ਲਿਆਂਦਾ ਜਾ ਸਕੇ।ਇਸ ਦੌਰਾਮ ਮੰਤਰੀ ਧਾਲੀਵਾਲ ਨੇ ਠੱਗ ਟ੍ਰੈਵਲ ਏਜੰਟਾਂ ਦੀ ਤਾੜਨਾ ਕਰਦਿਆਂ ਕਿਹਾ ਕਿ ਏਜੰਟ ਗਲਤ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਤੋਂ ਬਾਜ਼ ਆਉਣ ਅਤੇ ਸਹੀਂ ਢੰਗ ਨਾਲ ਵੀਜ਼ਾ ਲਗਾ ਕੇ ਬਾਹਰ ਭੇਜਣ ਤਾਂ ਜੋ ਨੌਜਵਾਨਾਂ ਨਾਲ ਸ਼ੋਸਨ ਨਾ ਹੋਵੇ। ਉਨ੍ਹਾਂ ਕਿਹਾ ਕਿ ਗਲਤ ਕੰਮ ਕਰਨ ਵਾਲੇ ਏਜੰਟ ਜੇਕਰ ਬਾਜ ਨਾ ਆਏ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।