ਲੁਧਿਆਣਾ-: ਸ਼ੁੱਕਰਵਾਰ ਦੇਰ ਰਾਤ ਜਿਵੇਂ ਹੀ ਵੈਸਟ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਕਾਰਨ ਮੌਤ ਦੀ ਖ਼ਬਰ ਸਾਹਮਣੇ ਆਈ ਤਾਂ ਇਕਦਮ ਸ਼ਹਿਰ ਵਿੱਚ ਹਾਹਾਕਾਰ ਮਚ ਗਈ। ਇਸ ਘਟਨਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ, ਕਿਉਂਕਿ ਸੋਸ਼ਲ ਮੀਡੀਆ ਅਨੁਸਾਰ ਗੋਗੀ ਸ਼ੁੱਕਰਵਾਰ ਸ਼ਾਮ ਤੱਕ ਫੀਲਡ ਵਿੱਚ ਸਰਗਰਮ ਸੀ।
ਉਹ ਬੀ.ਆਰ.ਐੱਸ. ਨਗਰ ਦੇ ਸ਼ੀਤਲਾ ਮਾਤਾ ਮੰਦਰ ਵਿੱਚ ਹੋਈ ਚੋਰੀ ਦੀ ਘਟਨਾ ਸਬੰਧੀ ਇਲਾਕੇ ‘ਚ ਆਏ ਸਨ ਤੇ ਉੱਥੋਂ ਦੇ ਲੋਕਾਂ ਨਾਲ ਉਨ੍ਹਾਂ ਨੇ ਮੀਟਿੰਗ ਵੀ ਕੀਤੀ ਸੀ। ਇਸ ਤੋਂ ਬਾਅਦ ਉਹ ਬਾਰ ਐਸੋਸੀਏਸ਼ਨ ਵਿਖੇ ਸਪੀਕਰ ਕੁਲਤਾਰ ਸੰਧਵਾਂ ਨੂੰ ਵੀ ਮਿਲੇ ਸਨ।
ਉਨ੍ਹਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਲੋਹੜੀ ਪ੍ਰੋਗਰਾਮ ਅਤੇ ਬੁੱਢੇ ਨਾਲੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੀ ਜਾ ਰਹੀ ਕਾਰ ਸੇਵਾ ਵਾਲੀ ਥਾਂ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਦਾ ਵਿਵਹਾਰ ਕਾਫ਼ੀ ਆਮ ਜਾਪ ਰਿਹਾ ਸੀ।
ਇਸ ਤੋਂ ਬਾਅਦ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਤੇ ਹਸਪਤਾਲ ਪਹੁੰਚਣ ਵਾਲੇ ਕਈ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਦੇਰ ਰਾਤ ਗੋਗੀ ਨਾਲ ਫੋਨ ‘ਤੇ ਗੱਲ ਕੀਤੀ ਸੀ ਅਤੇ ਇਸ ਮਗਰੋਂ ਉਨ੍ਹਾਂ ਨੂੰ ਗੋਗੀ ਦੀ ਮੌਤ ਦੀ ਖ਼ਬਰ ‘ਤੇ ਬਿਲਕੁਲ ਵਿਸ਼ਵਾਸ ਹੀ ਨਹੀਂ ਹੋਇਆ।