ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਕਿਹਾ ਕਿ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਨੇ ਭਾਰਤ ਅਤੇ ਭਾਰਤੀ ਫੌਜ ਨਾਲ ਧੋਖਾ ਕੀਤਾ ਹੈ। ਸੀਨੀਅਰ ਆਪ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸ਼ਨੀਵਾਰ ਨੂੰ ਕਿਹਾ ਕਿ ਵਿਦੇਸ਼ ਮੰਤਰੀ ਦੇ ਬਿਆਨ ਨਾਲ ਸਾਫ਼ ਹੋ ਗਿਆ ਹੈ ਕਿ ਮੋਦੀ ਸਰਕਾਰ ਨੇ ਭਾਰਤ ਅਤੇ ਭਾਰਤੀ ਫੌਜ ਨਾਲ ਧੋਖਾ ਕੀਤਾ ਹੈ। ਵਿਦੇਸ਼ ਮੰਤਰੀ ਖ਼ੁਦ ਕਹਿ ਰਹੇ ਹਨ ਕਿ ਉਹਨਾਂ ਨੇ ਆਪ੍ਰੇਸ਼ਨ ਸਿੰਦੂਰ ਸ਼ੁਰੂ ਹੋਣ ਤੋਂ ਪਹਿਲਾਂ ਪਾਕਿਸਤਾਨ ਨੂੰ ਸੂਚਿਤ ਕਰ ਦਿੱਤਾ ਸੀ। ਇਹ ਬਹੁਤ ਗੰਭੀਰ ਮਾਮਲਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਸਾਹਮਣੇ ਆ ਕੇ ਦੱਸਣਾ ਚਾਹੀਦਾ ਹੈ ਕਿ ਉਹਨਾਂ ਦੀ ਸਰਕਾਰ ਨੇ ਭਾਰਤ ਅਤੇ ਭਾਰਤੀ ਫੌਜ ਨਾਲ ਧੋਖਾ ਕਿਉਂ ਕੀਤਾ? ਉਹਨਾਂ ਕਿਹਾ ਕਿ ਵਿਦੇਸ਼ ਮੰਤਰੀ ਨੂੰ ਲੈ ਕੇ ਉਸ ਸਮੇਂ ਜੋ ਖ਼ਬਰ ਸਾਹਮਣੇ ਆਈ ਹੈ, ਉਸ ਨੇ ਪੂਰੇ ਦੇਸ਼ ਨੂੰ ਹੈਰਾਨ ਅਤੇ ਦੁਖੀ ਕੀਤਾ ਹੈ। ਇਹ ਮੋਦੀ ਸਰਕਾਰ ਵਲੋਂ ਭਾਰਤ ਮਾਤਾ ਅਤੇ ਭਾਰਤੀ ਸੈਨਾ ਦੇ ਨਾਲ ਧੋਖਾ ਹੈ। ‘ਆਪ’ ਨੇਤਾ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਸ਼ੁਰੂ ਕਰਨ ਤੋਂ ਪਹਿਲਾਂ ਪਾਕਿਸਤਾਨ ਨੂੰ ਸੂਚਿਤ ਕੀਤਾ ਗਿਆ ਸੀ ਕਿ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਹੋਣ ਵਾਲਾ ਹੈ? ਇਹ ਉਹੀ ਪਾਕਿਸਤਾਨ ਹੈ, ਜੋ ਅੱਤਵਾਦੀਆਂ ਦਾ ਸਰਪ੍ਰਸਤ ਹੈ, ਜੋ ਅੱਤਵਾਦੀਆਂ ਦੀ ਪਨਾਹਗਾਹ ਹੈ, ਜਿੱਥੇ ਫੌਜੀ ਅਧਿਕਾਰੀ ਅੱਤਵਾਦੀਆਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੁੰਦੇ ਹਨ।
‘ਆਪ’ ਨੇਤਾ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਬਾਰੇ ਪਹਿਲਾਂ ਤੋਂ ਜਾਣਕਾਰੀ ਦੇਣਾ ਭਾਰਤ, ਭਾਰਤੀ ਫੌਜ ਅਤੇ ਭਾਰਤ ਮਾਤਾ ਨਾਲ ਵਿਸ਼ਵਾਸਘਾਤ ਹੈ। ਇਹ ਕੋਈ ਸਧਾਰਨ ਮਾਮਲਾ ਨਹੀਂ ਹੈ। ਮੋਦੀ ਸਰਕਾਰ ਨੂੰ ਅੱਗੇ ਆ ਕੇ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਇਹ ਬਹੁਤ ਗੰਭੀਰ ਮਾਮਲਾ ਹੈ ਕਿ ਇੰਨੇ ਵੱਡੇ ਆਪ੍ਰੇਸ਼ਨ ਦੀ ਜਾਣਕਾਰੀ ਪਾਕਿਸਤਾਨ ਨੂੰ ਪਹਿਲਾਂ ਹੀ ਦੇ ਦਿੱਤੀ ਗਈ ਸੀ। ਕੀ ਮੋਦੀ ਸਰਕਾਰ ਨੇ ਪਾਕਿਸਤਾਨ ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ? ਸ਼੍ਰੀ ਸਿੰਘ ਨੇ ਕਿਹਾ ਕਿ ਹੁਣ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਸਵਾਲ ਦਾ ਜਵਾਬ ਦੇਣਾ ਪਵੇਗਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜੋ ਕਹਿ ਰਹੇ ਹਨ ਉਸ ਵਿੱਚ ਕਿੰਨੀ ਸੱਚਾਈ ਹੈ?