ਮਾਨਸਾ : ਪੰਚਾਇਤੀ ਚੋਣਾਂ ਕਾਰਨ ਆਮ ਆਦਮੀ ਪਾਰਟੀ ਨਾਲ ਸੰਬੰਧਤ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਧੇਸ਼ਾਮ (38) ਵਾਸੀ ਪਿੰਡ ਖੇਰਾ ਖੁਰਦ ਵਜੋਂ ਹੋਈ ਹੈ। ਰਾਧੇਸ਼ਾਮ ਦਾ ਬੀਤੀ ਰਾਤ ਪਿੰਡ ਵਿਚ ਹੀ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ 9 ਲੋਕਾਂ ਵਲੋਂ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਡੀ. ਐੱਸ. ਪੀ. ਦੇ ਰੀਡਰ ਦਾ ਵੀ ਇਸ ਕਤਲ ਕਾਂਡ ਵਿਚ ਨਾਮ ਆ ਰਿਹਾ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੰਡੀ ਬੋਰਡ ਦੇ ਡਾਇਰੈਕਟਰ ਅਭੈ ਗੋਦਾਰਾ ਨੇ ਦੋਸ਼ ਲਾਇਆ ਕਿ ਇਸ ਕਤਲ ਕਾਂਡ ਵਿਚ ਡੀ. ਐੱਸ. ਪੀ. ਰੀਡਰ ਮੁੱਖ ਮੁਲਜ਼ਮ ਹੈ, ਇਸ ਲਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਵਾਰਦਾਤ ਤੋਂ ਬਾਅਦ ਪੁਲਸ ਦੀਆਂ ਫਾਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।