ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਪਾਕਿਸਤਾਨ ਨਾਲ ਜੁੜੇ ਹਥਿਆਰਾਂ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰਕੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਛੇ ਆਧੁਨਿਕ ਪਿਸਤੌਲ (ਪੰਜ .30 ਬੋਰ ਅਤੇ ਇੱਕ ਗਲੋਕ 9 MM) ਸਮੇਤ 1 ਕਿਲੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸੋਸ਼ਲ ਮੀਡੀਆ ਅਤੇ ਡਰੋਨ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਅਤੇ ਡਿਲੀਵਰੀ ਦਾ ਤਾਲਮੇਲ ਕਰਦੇ ਸਨ।
ਡੀ. ਜੀ. ਪੀ. ਨੇ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਥਾਣਾ ਛੇਹਰਟਾ ਅਤੇ ਥਾਣਾ ਛਾਉਣੀ ਵਿਖੇ ਆਰਮਜ਼ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਹੈਂਡਲਰਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।

