ਪਟਿਆਲਾ: ਪਟਿਆਲਾ ਦੇ ਪਿੰਡ ਬਾਰਨ ਵਿਚ ਬੀਤੀ ਰਾਤ ਇਕ 24 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਗੁਆਂਢੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਵਿਕਰਮਜੀਤ ਸਿੰਘ ਵਜੋਂ ਹੋਈ ਹੈ, ਜਿਸ ਨੇ 10 ਦਿਨ ਬਾਅਦ ਇਟਲੀ ਜਾਣਾ ਸੀ। ਬੀਤੇ ਦਿਨੀਂ ਉਸ ਦਾ ਜਨਮਦਿਨ ਸੀ ਅਤੇ ਉਹ ਆਪਣੇ ਦੋਸਤਾਂ ਨਾਲ ਕੇ ਕੱਟ ਕੇ ਸ਼ਾਮ ਨੂੰ ਘਰ ਪਰਤਿਆ ਸੀ, ਜਿੱਥੇ ਉਸ ਦੀ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਉਸ ਤੋਂ ਬਾਅਦ ਗੁਆਂਢੀਆਂ ਵੱਲੋਂ ਮਾਪਿਆਂ ਦੇ ਇਕਲੌਤੇ ਪੁੱਤ ਵਿਕਰਮਜੀਤ ਸਿੰਘ ਦਾ ਸਿਰ ਵਿਚ ਗੰਢਾਸੇ ਮਾਰ ਕੇ ਕਤਲ ਕਰ ਦਿੱਤਾ ਗਿਆ।
ਫਿਲਹਾਲ ਪੁਲਸ ਨੇ ਮ੍ਰਿਤਕ ਦੇ ਮਾਤਾ-ਪਿਤਾ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਵਿਕਰਮਜੀਤ ਸਿੰਘ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਬਤੌਰ ਨਰਸਿੰਗ ਸਟਾਫ ਕੰਮ ਕਰਦਾ ਸੀ ਅਤੇ 2 ਮਹੀਨੇ ਪਹਿਲਾਂ ਹੀ ਮ੍ਰਿਤਕ ਦੇ ਵੱਡੇ ਭਰਾ ਦੀ ਸ਼ੂਗਰ ਦੀ ਬਿਮਾਰੀ ਕਾਰਣ ਮੌਤ ਹੋਈ ਸੀ।
ਵੱਡੇ ਭਰਾ ਦੀ ਮੌਤ ਤੋਂ ਬਾਅਦ ਵਿਕਰਮ ਹੀ ਮਾਪਿਆਂ ਦਾ ਇਕਲੌਤਾ ਸਹਾਰਾ ਸੀ । ਪੁੱਤ ਨੂੰ ਬਚਾਉਂਦਿਆਂ ਵਿਕਰਮ ਦੇ ਪਿਤਾ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ। ਉੱਥੇ ਹੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਮੋਰਚਰੀ ਵਿਚ ਰਖਵਾਇਆ ਗਿਆ ਹੈ।