Wednesday, April 2, 2025

Become a member

Get the best offers and updates relating to Liberty Case News.

― Advertisement ―

spot_img
spot_img
HomeLatest News'ਆਪ ਦੀ ਸਰਕਾਰ, ਆਪ ਦੇ ਦੁਆਰ' ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ...

‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਸਿੰਘ ਚੀਮਾ


ਚੰਡੀਗੜ੍ਹ, 28 ਮਾਰਚ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਮਹੱਤਵਪੂਰਨ ਕਦਮ ਚੁੱਕਣ ਲਈ ਜਾਰੀ ਕੀਤੇ ਗਏ ਨਵੇਂ ਨਿਰਦੇਸ਼ਾਂ ਦਾ ਖੁਲਾਸਾ ਕੀਤਾ।

ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਨਿਰਦੇਸ਼ ਤਹਿਤ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਪਿੰਡਾਂ ਦਾ ਨਿਯਮਤ ਦੌਰਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਹਫ਼ਤੇ ਦੇ ਚਾਰ ਦਿਨ ਸ਼ਨੀਵਾਰ, ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਇਸ ਕੰਮ ਲਈ ਸਮਰਪਿਤ ਕਰਨਗੇ। ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੌਰਿਆਂ ਦੌਰਾਨ ਅਧਿਕਾਰੀਆਂ ਨੂੰ ਹਰ ਰੋਜ਼ ਤਿੰਨ ਤੋਂ ਚਾਰ ਪਿੰਡਾਂ ਨੂੰ ਕਵਰ ਕਰਨ ਅਤੇ ਦੋ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਪੈਂਦਗੇ ਸਾਰੇ ਪਿੰਡਾਂ ਦਾ ਦੌਰਾ ਕਰਨ ਲਈ ਕਿਹਾ ਗਿਆ ਹੈ।

ਇਨ੍ਹਾਂ ਦੌਰਿਆਂ ਦੇ ਮੁੱਢਲੇ ਉਦੇਸ਼ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਿੰਡ ਵਾਸੀਆਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕਰਨਗੇ, ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਸੁਣਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨਗੇ ਅਤੇ ਪਿੰਡ ਪੱਧਰ ਦੇ ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿੱਚ ਅਧਿਆਪਕਾਂ ਅਤੇ ਸਿਹਤ ਸੰਭਾਲ ਪੇਸ਼ੇਵਰਾਂ ਆਦਿ ਸ਼ਾਮਲ ਹਨ, ਦੀ ਕਾਰਗੁਜ਼ਾਰੀ ‘ਤੇ ਖੁਦ ਫੀਡਬੈਕ ਇਕੱਤਰ ਕਰਨਗੇ। ਉਨ੍ਹਾਂ ਕਿਹਾ ਕਿ ਇੰਨ੍ਹਾਂ ਦੌਰਿਆਂ ਦੌਰਾਨ ਅਧਿਕਾਰੀ ਪਿੰਡ ਵਾਸੀਆਂ ਨੂੰ ਆਪਣੇ ਪਿੰਡਾਂ ਵਿੱਚ ਸਫ਼ਾਈ ਬਣਾਈ ਰੱਖਣ, ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਮਰਥਨ ਵਾਸਤੇ ਮਹੱਤਵਪੂਰਨ ਜਾਣਕਾਰੀ ਪ੍ਰਸਾਰਿਤ ਕਰਨ ਦੇ ਨਾਲ-ਨਾਲ ਖੇਡਾਂ ਅਤੇ ਸਮਾਜਿਕ ਵਿਕਾਸ ਗਤੀਵਿਧੀਆਂ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਪ੍ਰਰਿਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕਿਰਿਆਸ਼ੀਲ ਪਹੁੰਚ ਸਦਕਾ ਸਮਾਜ ਦੇ ਸਮੁੱਚੇ ਵਿਕਾਸ ਲਈ ਨੌਜਵਾਨਾਂ ਦੀ ਦੀ ਊਰਜਾ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ ਜਾਵੇਗੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਿਰਦੇਸ਼ਾਂ ਵਿੱਚ ਇਨ੍ਹਾਂ ਦੌਰਿਆਂ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਢਾਂਚਾਗਤ ਯੋਜਨਾਬੰਦੀ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਪਹਿਲਾਂ ਤੋਂ ਹੀ ਆਪਣੇ ਦੌਰੇ ਤੈਅ ਕਰਨਗੇ ਅਤੇ ਸਬੰਧਤ ਪਿੰਡਾਂ ਨੂੰ ਲੋੜੀਂਦੀ ਸੂਚਨਾ ਦੇਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ‘ਤੇ ਕੇਂਦਰਿਤ ਹੈ। ਵਿੱਤ ਮੰਤਰੀ ਨੇ ਕਿਹਾ ਕਿ ਪਿੰਡ ਵਾਸੀਆਂ ਨਾਲ ਸਿੱਧੀ ਗੱਲਬਾਤ ਕਰਨ, ਉਹਨਾਂ ਦੀਆਂ ਚਿੰਤਾਵਾਂ ਨੂੰ ਸਮਝਣ ਅਤੇ ਉਹਨਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਦਰਜ ਕਰਨ ਲਈ ਇਹਨਾਂ ਦੌਰਿਆਂ ਦੌਰਾਨ ਜਨਤਕ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।

ਇਸ ਪਹਿਲਕਦਮੀ ਦੇ ਅਹਿਮ ਪਹਿਲੂ ਵਜੋਂ ਅੰਤਰ-ਵਿਭਾਗੀ ਤਾਲਮੇਲ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਸਾਂਝੇ ਕੀਤੇ ਫੀਡਬੈਕ ਅਤੇ ਲੋੜਾਂ ਦੇ ਆਧਾਰ ‘ਤੇ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਅਧਿਕਾਰੀ ਆਪਣੇ ਦੌਰਿਆਂ ਬਾਰੇ ਵਿਆਪਕ ਰਿਪੋਰਟਾਂ ਤਿਆਰ ਕਰਨਗੇ  ਜਿੰਨ੍ਹਾਂ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ, ਉਨ੍ਹਾਂ ਦੇ ਹੱਲ ਲਈ ਕੀਤੀਆਂ ਗਈਆਂ ਕਾਰਵਾਈਆਂ ਅਤੇ ਸੁਝਾਏ ਗਏ ਹੋਰ ਉਪਾਅ ਦਾ ਵੇਰਵਾ ਸ਼ਾਮਿਲ ਹੋਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਰਿਪੋਰਟਾਂ ਨੂੰ ਸਮੀਖਿਆ ਲਈ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਨਾਲ ਸਬੰਧਤ ਵਿਭਾਗ ਅਤੇ ਮੁੱਖ ਸਕੱਤਰ ਦੇ ਦਫ਼ਤਰ ਨੂੰ ਸੌਂਪਿਆ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਦੀ ਭਲਾਈ ਲਈ ਅਟੁੱਟ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਅਧਿਕਾਰ ਖੇਤਰ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਰਗਰਮ ਪਹੁੰਚ ਅਪਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸੂਬੇ ਦੀ ਤਰੱਕੀ ਅਤੇ ਇਸ ਦੇ ਨਾਗਰਿਕਾਂ ਦੀ ਭਲਾਈ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਠੋਸ ਯਤਨਾਂ ਨਾਲ ਲੋਕਾਂ ਨੂੰ ਬਹੁਤ ਲਾਭ ਮਿਲਣ ਦੀ ਉਮੀਦ ਹੈ, ਅਤੇ ਇਹ ਯਕੀਨੀ ਬਣਾਉਣਗੇ ਕਿ ਉਨ੍ਹਾਂ ਦੀ ਆਵਾਜ਼ ਸੁਣੀ ਜਾਂਦੀ ਹੈ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕੀਤਾ ਜਾਂਦਾ ਹੈ।

———–