ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ ਸਥਿਤ ਜੰਗਲਾਤ ਕੰਪਲੈਕਸ ’ਚ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਵੱਲੋਂ ਮੀਟਿੰਗ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜ਼ਾਇਜ ਮੰਗਾਂ ਨੂੰ ਧਿਆਨ ਪੂਰਵਕ ਵਿਚਾਰਕੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਜੰਗਲਾਤ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦਾ ਬੇਹੱਦ ਸਖ਼ਤ ਰੁਖ ਹੈ ਅਤੇ ਕਿਸੇ ਵੀ ਭ੍ਰਿਸ਼ਟ ਮੁਲਾਜ਼ਮ ਜਾਂ ਅਫਸਰ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ। ਇਸ ਨਾਲ ਹੀ ਮੌਨਸੂਨ ਦੇ ਸੀਜ਼ਨ ਵਿੱਚ ਜੰਗਲਾਤ ਵਿਭਾਗ ਦੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ ਕਿਉਂਕਿ ਇਨ੍ਹਾਂ ਦਿਨਾਂ ਵਿੱਚ ਸਾਰੇ ਸੂਬੇ ਵਿੱਚ ਬੂਟੇ ਲਾਉਣ ਦੀ ਮੁਹਿੰਮ ਵੱਡੇ ਪੱਧਰ ਉੱਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਇਸ ਮੁਹਿੰਮ ਨੂੰ ਹਰ ਮੁਲਾਜ਼ਮ ਕਾਮਯਾਬ ਕਰੇ।