ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ ਭ੍ਰਿਸ਼ਟਾਚਾਰ ’ਤੇ ਨਕੇਲ ਕਸਣ ਲਈ ਵਿਜੀਲੈਂਸ ਵਿਭਾਗ ਲਗਾਤਾਰ ਕਾਰਵਾਈ ਕਰ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ’ਚ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਵਿਭਾਗ ਵੱਲੋਂ ਇਹ ਕਾਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਮੁਤਾਬਕ ਸ਼ਿਕਾਇਤਕਰਤਾ ਨੇ ਵਿਭਾਗ ਨੂੰ ਸ਼ਿਕਾਇਤ ਦਿੱਤੀ ਕਿ ਉਸਦੇ ਹੋਟਲ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (NOC) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਕਲਰਕ ਨੇ ਉਸ ਕੋਲੋਂ 33,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਸ਼ਿਕਾਇਤ ਸਹੀ ਪਾਈ ਗਈ। ਇਸ ਤੋਂ ਬਾਅਦ ਮੁਲਜ਼ਮ ਨੂੰ ਰੰਗੇ ਹੱਥੀ ਫੜਨ ਲਈ ਜਾਲ ਵਿਛਾਇਆ ਗਿਆ। ਬੁਲਾਰੇ ਅਨੁਸਾਰ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।
ਫਿਲਹਾਲ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਇਸ ਉਪਰੰਤ ਰਿਮਾਂਡ ਹਾਸਿਲ ਕਰਕੇ ਹੋਰ ਪੁੱਛ-ਗਿੱਛ ਕੀਤੀ ਜਾਵੇਗੀ।