ਬਠਿੰਡਾ : ਹਿਰਾਸਤ ਵਿਚ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਸੀ. ਆਈ. ਏ. ਇੰਸਪੈਕਟਰ ਸਮੇਤ ਪੰਜ ਪੁਲਸ ਮੁਲਾਜ਼ਮਾਂ ਨੂੰ ਮੁਲਜ਼ਮ ਬਣਾ ਕੇ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਉਹ ਤੀਜੀ ਵਾਰ ਵੀ ਪੇਸ਼ ਨਹੀਂ ਹੋਏ। ਹੁਣ ਅਦਾਲਤ ਨੇ ਕੋਈ ਰਾਹਤ ਨਾ ਦਿੰਦਿਆਂ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਕੇ ਪੁਲਸ ਨੂੰ ਉਨ੍ਹਾਂ ਨੂੰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਗਲੀ ਸੁਣਵਾਈ 7 ਅਪ੍ਰੈਲ ਨੂੰ ਹੋਵੇਗੀ। ਅਦਾਲਤ ਦਾ ਕਹਿਣਾ ਹੈ ਕਿ ਦੋਸ਼ੀ ਪੁਲਸ ਮੁਲਾਜ਼ਮਾਂ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ ਪਰ ਉਨ੍ਹਾਂ ਦਾ ਕੋਈ ਪਤਾ ਨਹੀਂ ਲੱਗਾ ਅਤੇ ਨਾ ਹੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਕਾਰਨ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਨਵੇਂ ਹੁਕਮ ਜਾਰੀ ਕੀਤੇ ਹਨ।
ਪੁਲਸ ਮੁਲਾਜ਼ਮਾਂ ਨੂੰ ਹਿਰਾਸਤ ’ਚ ਨੌਜਵਾਨ ਦੀ ਹੱਤਿਆ ਅਤੇ ਸਬੂਤ ਨਸ਼ਟ ਕਰਨ ਦੇ ਦੋਸ਼ਾਂ ਤਹਿਤ ਤਲਬ ਕੀਤਾ ਗਿਆ ਸੀ। ਐੱਸ. ਐੱਸ. ਪੀ. ਬਠਿੰਡਾ ਨੂੰ ਮੁਲਜ਼ਮਾਂ ਖ਼ਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅਦਾਲਤ ਨੇ ਕਿਹਾ ਕਿ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਕਾਰਨਾਂ ’ਤੇ ਅਗਲੀ ਸੁਣਵਾਈ ’ਚ ਵਿਚਾਰ ਕੀਤਾ ਜਾਵੇਗਾ ਅਤੇ ਕਾਰਵਾਈ ਨਾ ਕਰਨ ’ਤੇ ਗੰਭੀਰਤਾ ਨਾਲ ਲਿਆ ਜਾਵੇਗਾ। ਐੱਸ. ਐੱਸ. ਪੀ. ਬਠਿੰਡਾ ਵੱਲੋਂ ਛੁੱਟੀ ’ਤੇ ਜਾਣ ਦੀ ਲਿਖਤੀ ਬੇਨਤੀ ’ਤੇ ਐੱਸ. ਐੱਸ. ਪੀ. ਨੂੰ ਇਸ ਮਾਮਲੇ ਵਿਚ 7 ਅਪ੍ਰੈਲ ਦੀ ਨਿਰਧਾਰਤ ਮਿਤੀ ਨੂੰ ਹਲਫਨਾਮਾ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਅਦਾਲਤ ਨੇ ਸਪੱਸ਼ਟ ਕਿਹਾ ਹੈ ਕਿ ਜੇਕਰ ਮੁਲਜ਼ਮਾਂ ਦੇ ਗ੍ਰਿਫਤਾਰੀ ਵਾਰੰਟ ਲਾਗੂ ਨਾ ਕੀਤੇ ਗਏ ਤਾਂ ਸਬੰਧਤ ਪੁਲਸ ਦੇ ਉੱਚ ਅਧਿਕਾਰੀ ਜ਼ਿੰਮੇਵਾਰ ਹੋਣਗੇ। ਦੱਸ ਦੇਈਏ ਕਿ ਜਾਂਚ ਤੋਂ ਬਾਅਦ ਅਦਾਲਤ ਨੇ ਤਤਕਾਲੀ ਸੀ. ਆਈ. ਏ. ਸਟਾਫ ਦੇ ਇੰਸਪੈਕਟਰ ਨਵਪ੍ਰੀਤ ਸਿੰਘ, ਹੈੱਡ ਕਾਂਸਟੇਬਲ ਰਾਜਵਿੰਦਰ ਸਿੰਘ, ਕਾਂਸਟੇਬਲ ਗਗਨਪ੍ਰੀਤ ਸਿੰਘ, ਹਰਜੀਤ ਸਿੰਘ ਅਤੇ ਜਸਵਿੰਦਰ ਸਿੰਘ ਖ਼ਿਲਾਫ ਨੌਜਵਾਨ ਭਿੰਦਰ ਸਿੰਘ ਦੇ ਕਤਲ ਅਤੇ ਸਬੂਤਾਂ ਨੂੰ ਨਸ਼ਟ ਕਰਨ ਦਾ ਮੁਕੱਦਮਾ ਚਲਾਉਣ ਦਾ ਫੈਸਲਾ ਕੀਤਾ ਹੈ।