ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਿੱਥੇ ਕੁਦਰਤੀ ਖੇਤੀ ’ਤੇ ਜ਼ੋਰ ਦੇ ਰਹੀ ਹੈ ਤਾਂ ਦੂਜੇ ਪਾਸੇ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਡੀਲਰਾਂ ਵਿਰੁੱਧ ਵੀ ਕਾਰਵਾਈ ਕਰ ਰਹੀ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਇੱਕ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡੀ ਖੇਪ ਜ਼ਬਤ ਕੀਤੀ ਹੈ। ਮੁੱਢਲੀ ਜਾਂਚ ਮੁਤਾਬਕ ਇਹ ਟਰੱਕ ਹਰਿਆਣਾ ਤੋਂ ਆ ਰਿਹਾ ਸੀ ਅਤੇ ਅੱਗੇ ਬਠਿੰਡਾ ਤੇ ਨੇੜਲੇ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸੀ।
ਕਾਬੂ ਕੀਤੇ ਟਰੱਕ ਨੂੰ ਲੈ ਕੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਇੱਕ ਟੱਰਕ ਨੂੰ ਕਾਬੂ ਕੀਤਾ ਗਿਆ ਹੈ ਜੋ ਕਿ ਨਕਲੀ ਕੀਟਨਾਸ਼ਕਾਂ ਨਾਲ ਭਰਿਆ ਹੋਇਆ ਸੀ। ਇਹ ਨਕਲੀ ਦਵਾਈਆਂ ਹਰਿਆਣਾ ਦੇ ਵਿਅਕਤੀਆਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਲਿਆਂਦੀਆਂ ਜਾ ਰਹੀਆਂ ਸੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਬਠਿੰਡਾ ਦੀ ਟੀਮ ਨੇ ਬਲਾਕ ਫੂਲ (ਬਠਿੰਡਾ) ’ਚ ਨਾਕੇਬੰਦੀ ਦੌਰਾਨ ਇਸ ਟਰੱਕ ਨੂੰ ਰੋਕਿਆ ਅਤੇ ਭਾਰੀ ਮਾਤਰਾ ਵਿੱਚ ਅਣ-ਅਧਿਕਾਰਤ ਕੀਟਨਾਸ਼ਕ ਦਵਾਈਆਂ ਦੇ ਨਾਲ ਕਾਬੂ ਕੀਤਾ।
ਉਨ੍ਹਾਂ ਦੱਸਿਆ ਕਿ ਟੀਮਾਂ ਨੂੰ ਟਰੱਕ ਵਿੱਚੋਂ 4.48 ਕੁਇੰਟਲ ਪਾਊਡਰ ਅਤੇ 34 ਲੀਟਰ ਵੱਖ-ਵੱਖ ਕੀਟਨਾਸ਼ਕ ਜਿਨ੍ਹਾਂ ਵਿੱਚ 400 ਕਿਲੋ ਕਾਰਟਾਪ ਹਾਈਡਰੋਕਲੋਰਾਈਡ, 20 ਕਿਲੋ ਰੂਟ ਟੈੱਕ, 12 ਲੀਟਰ ਪੈਰਾਕੁਆਟ ਡਾਈਕਲੋਰਾਈਡ, 20 ਕਿਲੋ ਐਸੀਫੇਟ, 4 ਲੀਟਰ ਅਜ਼ੋਕਸੀਸਟਰੋਬਿਨ + ਟੀਬਿਊਕੋਨਾਜੋਲ, 18 ਲੀਟਰ ਟਾਈਗਰ (ਬਾਇਓ ਪਲਾਂਟ ਪ੍ਰੋਟੈਕਸ਼ਨ) , 5 ਕਿਲੋ ਥਾਈਮੇਥੋਕਸਮ ਅਤੇ 3 ਕਿਲੋ ਐਮਾਮੇਕਟਿਨ ਬੈਂਜੋਏਟ ਮਿਲੇ ਹਨ। ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਜ਼ਬਤ ਕੀਤਾ ਸਟਾਕ ਜਸਵੰਤ ਰਸਾਇਣ, ਕੋਰੋਮੰਡਲ ਅਤੇ ਗੁਜਰਾਤ ਪੈਸਟੀਸਾਈਡਜ਼ ਨਾਲ ਸਬੰਧਤ ਹੈ, ਜਿਨ੍ਹਾਂ ਨੂੰ ਪੰਜਾਬ ਰਾਜ ਵਿੱਚ ਕੀਟਨਾਸ਼ਕ ਵੇਚਣ ਦੀ ਇਜਾਜ਼ਤ ਨਹੀਂ ਹੈ।