ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨੂੰ ਸੂਬੇ ਭਰ ‘ਚ ਵਿਸ਼ੇਸ਼ ਚੈਕਿੰਗ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ ਤਾਂ ਜੋ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਬਿਜਲੀ ਚੋਰੀਆਂ ਨੂੰ ਰੋਕਿਆ ਜਾ ਸਕੇ।
ਜਾਰੀ ਕੀਤੇ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਊਰਜਾ ਦੀ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹੋਣ ਵਾਲੇ ਮਾਲੀਏ ਦੇ ਘਾਟੇ ਨੂੰ ਰੋਕਣ ਲਈ ਨਿਯਮਤ ਤੌਰ ‘ਤੇ ਵਿਸ਼ੇਸ਼ ਚੈਕਿੰਗ ਜ਼ਰੂਰੀ ਹੈ। ਬਿਜਲੀ ਚੋਰੀਆਂ ਦੀ ਚੈਕਿੰਗ ਨਾਲ ਸੂਬੇ ਦੇ ਨਿਯਮਤ ਬਿਜਲੀ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਇਸ ਦੇ ਨਾਲ ਹੀ ਬਿਜਲੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਚੈਕਿੰਗ ਬਾਰੇ ਰੋਜ਼ਾਨਾ ਅਧਾਰ ‘ਤੇ ਰਿਪੋਰਟ ਦੇਣ ਲਈ ਕਿਹਾ। ਉਨ੍ਹਾਂ ਸਪੱਸ਼ਟ ਕਿਹਾ ਕਿ ਘਰੇਲੂ, ਵਪਾਰਕ, ਖੇਤੀਬਾੜੀ ਅਤੇ ਉਦਯੋਗਿਕ ਸਮੇਤ ਸਾਰੇ ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾਵੇ। ਚੈਕਿੰਗ ਅਤੇ ਰੋਜ਼ਾਨਾ ਆਧਾਰ ‘ਤੇ ਰਿਪੋਰਟ ਦੇਣ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।
ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਸੰਬੰਧਿਤ ਅਧਿਕਾਰੀ ਅਤੇ ਕਰਮਚਾਰੀ ਸਿੱਧੇ ਜਾਂ ਅਸਿੱਧੇ ਤੌਰ ’ਤੇ ਬਿਜਲੀ ਚੋਰੀ ਵਿੱਚ ਸ਼ਾਮਲ ਪਾਏ ਗਏ ਤਾਂ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ਕਿਸੇ ਵੀ ਰੈਂਕ ਦੇ ਅਧਿਕਾਰੀ ਨੂੰ ਪੀ.ਐਸ.ਪੀ.ਸੀ.ਐਲ ਦੇ ਨਿਯਮਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਟੀਮਾਂ ਨੂੰ ਉਨ੍ਹਾਂ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਲਈ ਕਿਹਾ ਅਤੇ ਕਿਹਾ ਕਿ ਅਜਿਹਾ ਨਾ ਕਰਨ ਵਾਲੇ ਸਖ਼ਤ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

