ਚੰਡੀਗੜ੍ਪੰਹ – ਜਾਬ ਵਿਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਬਿਗੁਲ ਕਿਸੇ ਵੇਲੇ ਵੀ ਵੱਜ ਸਕਦਾ ਹੈ। ਹਾਈਕੋਰਟ ਦੇ ਅੰਦਰ ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਵਲੋਂ ਜੋ ਜਵਾਬ ਦਾਖਲ ਕੀਤਾ ਗਿਆ, ਉਸ ਵਿਚ ਸਰਕਾਰ ਨੇ ਕਿਹਾ ਹੈ ਕਿ ਚੋਣਾਂ ਬਾਰੇ ਹਰ ਹਾਲਤ ਵਿਚ 25 ਨਵੰਬਰ ਤਕ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਜਾਵੇਗਾ।
ਯਾਦ ਰਹੇ ਕਿ ਹਾਈ ਕੋਰਟ ਵਲੋਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਪੈਂਡਿੰਗ ਚੋਣਾਂ ਤੁਰੰਤ ਕਰਵਾਉਣ ਦੇ ਆਦੇਸ਼ ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। 11 ਨਵੰਬਰ ਨੂੰ ਸੁਪਰੀਮ ਕੋਰਟ ’ਚ ਇਸ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤਾ ਸੀ ਕਿ ਉਹ ਦੋ ਹਫ਼ਤਿਆਂ ਦੇ ਅੰਦਰ ਇਨ੍ਹਾਂ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰੇ। ਸੁਪਰੀਮ ਕੋਰਟ ਵਲੋਂ ਦਿੱਤੀ ਗਈ ਸਮਾਂ ਹੱਦ 25 ਨਵੰਬਰ ਨੂੰ ਖ਼ਤਮ ਹੋ ਜਾਏਗੀ।
ਜ਼ਿਕਰਯੋਗ ਹੈ ਕਿ ਮਾਲੇਰਕੋਟਲਾ ਵਾਸੀ ਬੇਅੰਤ ਸਿੰਘ ਵਲੋਂ ਦਾਇਰ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ 14 ਅਕਤੂਬਰ ਨੂੰ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਚੋਣਾਂ ਕਰਵਾਉਣ ਦੇ ਆਦੇਸ਼ ਦਿੱਤੇ ਸਨ। 29 ਅਕਤੂਬਰ ਤੱਕ ਆਦੇਸ਼ ਦੀ ਪਾਲਣਾ ਨਾ ਹੋਣ ਦੇ ਕਾਰਨ ਹਾਈ ਕੋਰਟ ਨੇ ਮੁੱਖ ਸਕੱਤਰ ਤੇ ਸੂਬਾਈ ਚੋਣ ਕਮਿਸ਼ਨਰ ਦੇ ਖ਼ਿਲਾਫ਼ ਹੁਕਮ ਅਦੂਲੀ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਸੀ। ਹਾਈ ਕੋਰਟ ਨੇ ਸਾਫ਼ ਕਰ ਦਿੱਤਾ ਸੀ ਕਿ ਅਗਲੀ ਸੁਣਵਾਈ ਤੱਕ ਆਦੇਸ਼ ’ਤੇ ਕਾਰਵਾਈ ਨਹੀਂ ਕੀਤੀ ਗਈ ਤਾਂ ਬਚਾਅ ਪੱਖ ’ਤੇ 50 ਹਜ਼ਾਰ ਰੁਪਏ ਦਾ ਜੁਰਮਾਨ ਲਗਾਇਆ ਜਾਏਗਾ। ਵੀਰਵਾਰ ਨੂੰ ਸੁਣਵਾਈ ਦੌਰਾਨ ਸੂਬਾ ਸਰਕਾਰ ਨੇ ਹਾਈ ਕੋਰਟ ਨੂੰ ਕਿਹਾ ਕਿ 25 ਨਵੰਬਰ ਤੱਕ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।