ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਚਿੱਠੀ ਲਿਖੀ ਗਈ ਹੈ। ਆਪਣੀ ਚਿੱਠੀ ‘ਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਨਾਲ ਭਾਜਪਾ ਧੱਕਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬੀਆਂ ਨਾਲ ਸਾਜ਼ਿਸ਼ ਰਚ ਰਹੀ ਹੈ ਅਤੇ ਜ਼ਬਰਦਸਤੀ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਚਿੱਠੀ ‘ਚ ਕਿਹਾ ਕਿ ਮੈਂ ਕਿਸੇ ਵੀ ਹਾਲਤ ‘ਚ ਪੰਜਾਬ ਦੇ ਲੋਕਾਂ ਨਾਲ ਅਨਿਆ ਨਹੀਂ ਹੋਣ ਦੇਵਾਂਗਾ। ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਸੀ ਕਿ 48 ਘੰਟਿਆਂ ਤੱਕ ਉਨ੍ਹਾਂ ਦੇ ਪੱਤਰ ਦਾ ਜਵਾਬ ਦੇਣ ਦੀ ਬਜਾਏ ਮੁੱਖ ਮੰਤਰੀ ਮਾਨ ਨੇ ਵੀਡੀਓ ਜਾਰੀ ਕਰਕੇ ਇਹ ਕਹਿ ਦਿੱਤਾ ਕਿ ਉਹ ਹਰਿਆਣਾ ਨੂੰ ਇਕ ਬੂੰਦ ਵੀ ਪਾਣੀ ਦੀ ਨਹੀਂ ਦੇ ਸਕਦੇ।