ਨੈਸ਼ਨਲ – ਨਸ਼ਾ ਇਸ ਸਮੇਂ ਦੁਨੀਆ ਭਰ ਦੇ ਦੇਸ਼ਾਂ ਲਈ ਇਕ ਵੱਡੀ ਚੁਣੌਤੀ ਬਣਿਆ ਹੋਇਆ ਹੈ, ਜਿਸ ਨੇ ਦੇਸ਼ ਦੀ ਜਵਾਨੀ ਨੂੰ ਖੋਖਲਾ ਕਰਨ ‘ਚ ਕੋਈ ਕਸਰ ਨਹੀਂ ਛੱਡੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਿਮਾਚਲ ਦੀ ਸੁੱਖੂ ਸਰਕਾਰ ਨੇ ਇਕ ਅਹਿਮ ਕਦਮ ਚੁੱਕਿਆ ਹੈ, ਜਿੱਥੇ ਨਸ਼ਾ ਤਸਕਰੀ ‘ਤੇ ਕਾਬੂ ਪਾਉਣ ਲਈ ਸਰਕਾਰ ਨੇ ਵਿਧਾਨ ਸਭਾ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਬਿੱਲ ਪੇਸ਼ ਕੀਤਾ ਹੈ, ਜਿਸ ਨੂੰ ਅੱਜ ਪਾਸ ਕਰ ਦਿੱਤਾ ਗਿਆ ਹੈ।
ਹਿਮਾਚਲ ਸਰਕਾਰ ਨੇ ਵਿਧਾਨ ਸਭਾ ਵਿੱਚ ਦੋ ਬਿੱਲ ਪੇਸ਼ ਕੀਤੇ ਹਨ, ਜਿਨ੍ਹਾਂ ਨੂੰ ਅੱਜ ਪਾਸ ਕਰ ਦਿੱਤਾ ਗਿਆ ਹੈ। ਇਨ੍ਹਾਂ ਬਿੱਲਾਂ ਦਾ ਉਦੇਸ਼ ਨਾ ਸਿਰਫ਼ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਕਾਬੂ ਕਰਨਾ ਹੈ, ਸਗੋਂ ਨਸ਼ਾ ਪੀੜਤਾਂ ਦੇ ਪੁਨਰਵਾਸ ਲਈ ਕੰਮ ਕਰਨਾ ਵੀ ਹੈ।
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਹਿਮਾਚਲ ਪ੍ਰਦੇਸ਼ ਸੰਗਠਿਤ ਅਪਰਾਧ (ਰੋਕਥਾਮ ਅਤੇ ਨਿਯੰਤਰਣ) ਬਿੱਲ 2025 ਪੇਸ਼ ਕੀਤਾ। ਇਸ ਬਿੱਲ ਦੇ ਪਾਸ ਹੋਣ ਤੋਂ ਬਾਅਦ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਸਜ਼ਾ ਦੇ ਪ੍ਰਬੰਧ ਲਾਗੂ ਕੀਤੇ ਜਾਣਗੇ। ਇਸ ਤਹਿਤ, ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲਿਆਂ ਵਿੱਚ ਦੋਸ਼ੀ ਪਾਏ ਜਾਣ ‘ਤੇ ਤਸਕਰਾਂ ਨੂੰ ਉਮਰ ਕੈਦ ਦੇ ਨਾਲ-ਨਾਲ 10 ਲੱਖ ਰੁਪਏ ਤੱਕ ਦਾ ਜੁਰਮਾਨਾ ਤੋਂ ਲੈ ਕੇ ਮੌਤ ਦੀ ਸਜ਼ਾ ਵੀ ਹੋ ਸਕਦੀ ਹੈ।